ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ’ਚ ਕਰੋਨਾ ਵੈਕਸੀਨ ਦੇ ਨਾਂ ’ਤੇ ਲੁੱਟ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰਾਂ ਕੋਲ ਵੈਕਸੀਨ ਨਹੀਂ ਹੈ ਤਾਂ ਨਿੱਜੀ ਹਸਪਤਾਲਾਂ ਕੋਲ ਵੈਕਸੀਨ ਕਿੱਥੋਂ ਪਹੁੰਚ ਰਹੀ ਹੈ। ਮਾਣੂੰਕੇ ਨੇ ਦੋਸ਼ ਲਾਇਆ ਕਿ ਲੋਕਾਂ ਨੂੰ ਮੁਫ਼ਤ ਕਰੋਨਾ ਵੈਕਸੀਨ ਲਗਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਨਿੱਜੀ ਹਸਪਤਾਲ 1200 ਰੁਪਏ ਤੋਂ 1500 ਰੁਪਏ ਵਸੂਲ ਕੇ ਲੋਕਾਂ ਦੀ ਲੁੱਟ ਕਰ ਰਹੇ ਹਨ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਦੇਸ਼ ’ਚੋਂ ਸਭ ਤੋਂ ਵੱਧ ਹੈ ਪਰ ਮੁੱਖ ਮੰਤਰੀ ਨੂੰ ਕੋਈ ਫਿਕਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਵੈਕਸੀਨ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ।