ਨਵੀਂ ਦਿੱਲੀ: ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਆਮ ਲੋਕ ਰੋਜ਼ਾਨਾ ਵਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ, ਜਦੋਂਕਿ ਭਾਜਪਾ ਸਰਕਾਰ ਦੇਸ਼ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਜਾਤੀ ਅਤੇ ਧਰਮ ਵਰਗੇ ਗੈਰ-ਮਸਲਿਆਂ ਵੱਲ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੁੱਝ ਵਸਤਾਂ ’ਤੇ ਜੀਐੱਸਟੀ ਵਧਾਉਣ ਦਾ ਮੁੱਦਾ ਚੁੱਕਦਿਆਂ ਦਾਅਵਾ ਕੀਤਾ ਕਿ ਭਾਜਪਾ ਦੇ ਚੋਣ ਨਾਅਰੇ ‘ਅੱਛੇ ਦਿਨ’ ਦੇ ਸੱਚ ਦਾ ਲਗਾਤਾਰ ‘ਪਰਦਾਫਾਸ਼’ ਹੋ ਰਿਹਾ ਹੈ। ਕਾਂਗਰਸ ਬੁਲਾਰੇ ਪਵਨ ਖੇੜਾ ਨੇ ਦੋਸ਼ ਲਾਇਆ ਕਿ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -ਪੀਟੀਆਈ