ਰਵੇਲ ਸਿੰਘ ਭਿੰਡਰ
ਪਟਿਆਲਾ, 8 ਮਾਰਚ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਦੇ ਸਥਾਨਕ ਘਰ ‘ਨਿਊ ਮੋਤੀ ਬਾਗ ਪੈਲੇਸ’ ਵੱਲ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਕੀਤੇ ਗਏ ਰੋਸ ਮਾਰਚ ਦੌਰਾਨ ਤਾਇਨਾਤ ਪੁਲੀਸ ਬਲਾਂ ਵੱਲੋਂ ਸੰਘਰਸ਼ੀ ਮਹਿਲਾਵਾਂ ਸਮੇਤ ਕਈ ਹੋਰ ਕਾਰਕੁਨਾਂ ਦੀ ਕਥਿਤ ਖਿੱਚਧੂਹ ਕੀਤੀ ਗਈ। ਜਥੇਬੰਦੀ ਵੱਲੋਂ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਣਾ ਸੀ ਕਿ ਪੁਲੀਸ ਨੇ ਰੋਸ ਮਾਰਚ ਨੂੰ ਮੋਤੀ ਮਹਿਲ ਤੋਂ ਪਿੱਛੇ ਵਾਈਪੀਐੱਸ ਚੌਕ ਕੋਲ ਬੈਰੀਕੇਡ ਜ਼ਰੀਏ ਰੋਕ ਲਿਆ। ਇਸ ਦੌਰਾਨ ਜਿਹੜੇ ਕਾਰਕੁਨਾਂ ਨੇ ਮੋਤੀ ਮਹਿਲ ਦੇ ਘਿਰਾਓ ਲਈ ਜਬਰੀ ਅੱਗੇ ਜਾਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨਾਲ ਪੁਲੀਸ ਵੱਲੋਂ ਖਿੱਚਧੂਹ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਲਗਾਤਾਰ 4 ਜਨਵਰੀ ਤੋਂ ਸੰਗਰੂਰ ਡੀਸੀ ਦਫਤਰ ਅੱਗੇ ਪੱਕਾ ਧਰਨਾ ਲਾਈ ਬੈਠੇ ਹਨ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ।
ਬੇਰੁਜ਼ਗਾਰ ਅਧਿਆਪਕ ਅੱਜ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਤੇ ਮਗਰੋਂ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਮੋਤੀ ਮਹਿਲ ਵਲ ਵਧੇ। ਇਸ ਦੌਰਾਨ ਪੁਲੀਸ ਨੇ ਕੁਝ ਕਾਰਕੁਨਾਂ ਨੂੰ ਵੀ ਹਿਰਾਸਤ ’ਚ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਰੋਸ ਧਰਨਾ ਜਾਰੀ ਸੀ। ਰੋਸ ਰੈਲੀ ਨੂੰ ਸੰਬੋਧਨ ਦੌਰਾਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਕੁਲਦੀਪ ਖੋਖਰ ਤੇ ਸੰਲਿਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਪੋਸਟਾਂ ’ਤੇ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈਟੀਟੀ ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਜਿਸ ਨਾਲ ਬੇਰੁਜਗਾਰ ਅਧਿਆਪਕਾਂ ’ਚ ਰੋਸ ਹੈ। ਆਗੂਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਵੀ ਕੀਤਾ।
ਕੈਪਸ਼ਨ: ਨਿਊ ਮੋਤੀ ਬਾਗ ਪੈਲੇਸ ਵੱਲ ਵੱਧਦੇ ਬੇਰੁਜ਼ਗਾਰਾਂ ਨੂੰ ਪੁਲੀਸ ਰੋਕਦੀ ਹੋਈ।