ਆਤਿਸ਼ ਗੁਪਤਾ
ਚੰਡੀਗੜ੍ਹ, 8 ਅਪਰੈਲ
ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਜ਼ਦੀਕ ਆਉਣ ਦੇ ਨਾਲ ਸੂਬੇ ਵਿੱਚ ਸਿਆਸੀ ਜੋੜ-ਤੋੜ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਸੱਤਾਧਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਖ਼ਿਲਾਫ਼ ਚੌਥੇ ਫਰੰਟ ਦੇ ਸਾਹਮਣੇ ਆਉਣ ਦੇ ਚਰਚੇ ਸੀ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਹਮਖਿਆਲੀ ਪਾਰਟੀ ਨਾਲ ਸਮਝੌਤਾ ਕਰ ਕੇ ਚੌਥੇ ਫਰੰਟ ਵਜੋਂ ਉੱਭਰ ਸਕਦੀ ਹੈ। ਦੂਜੇ ਪਾਸੇ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਵੀ ਹੋਈ। ਸੂਬੇ ਵਿੱਚ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਤੋਂ ਬਾਅਦ ਦੋਵਾਂ ਵਿਚਕਾਰ ਮੱਤਭੇਦ ਉੱਭਰ ਕੇ ਸਾਹਮਣੇ ਆ ਗਏ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਅਤੇ ਢੀਂਡਸਾ ਗਰੁੱਪ ਵਿਚਕਾਰ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ। ਇਸ ਵਿੱਚ ਕਿਸੇ ਗੱਠਜੋੜ ਦੀ ਥਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਨਹੀਂ ਕੀਤਾ ਜਾਵੇਗਾ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਆਗੂ ਜਲਦ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕਾਰਜ ਕਰ ਰਹੇ ਹਨ। ਉਹ ਦੋਵੇਂ ਇਕ ਮੰਚ ’ਤੇ ਆ ਕੇ ਆਵਾਜ਼ ਬੁਲੰਦ ਕਰਨਗੇ ਤਾਂ ਜੋ ਵੱਖ-ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ। ‘ਆਪ’ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਪਾਰਟੀ ’ਚ ਸ਼ਾਮਲ ਹੋਣ ਬਾਰੇ ਕਾਫੀ ਸਕਾਰਾਤਮਕ ਹਨ। ਉਹ ਜਲਦ ਹੀ ਇਸ ਬਾਰੇ ਕੋਈ ਫ਼ੈਸਲਾ ਲੈਣਗੇ।
ਹਮਖਿਆਲ ਪਾਰਟੀਆਂ ਨਾਲ ਗੱਠਜੋੜ ਹੋ ਸਕਦੈ, ਪਰ ਰਲੇਵਾਂ ਨਹੀਂ: ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੇ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੀ) ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿਚਾਲੇ ਸਮਝੌਤਾ ਹੋਣਾ ਮਾੜਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।