ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ- ਵੱਖ ਹਿੱਸਿਆਂ ਵਿੱਚ ਕਾਂਗਰਸ ਪਾਰਟੀ ਦੇ ਇਸ਼ਾਰੇ ’ਤੇ ਹੋਇਆ ਸਿੱਖਾਂ ਦਾ ਕਤਲੇਆਮ ਭਾਰਤੀ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ ਜਿਸ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਹ ਬੀਤੀ ਰਾਤ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੌਰਾਸੀ ਵਿੱਚ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਹਾਲੇ ਵੀ ਹਰੇ ਹਨ ਅਤੇ ਪੀੜਤ ਪਰਿਵਾਰ ਅੱਜ ਵੀ ਸਦਮੇ ਵਿੱਚ ਹਨ ਕਿਉਂਕਿ ਇਨ੍ਹਾਂ ਪਰਿਵਾਰਾਂ ਨੂੰ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਵੀ ਇਨ੍ਹਾਂ ਪੀੜਤ ਪਰਿਵਾਰਾਂ ਦੀ ਲੜਾਈ ਲੜ ਰਿਹਾ ਹੈ ਅਤੇ ਇਨ੍ਹਾਂ ਪਰਿਵਾਰਾਂ ਦੇ ਹਰ ਦੁੱਖ ਸੁੱਖ ਵਿਚ ਚੱਟਾਨ ਵਾਂਗ ਖੜ੍ਹਾ ਹੈ।
ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਦੰਗਾ ਪੀੜਤ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪੰਜਾਬ ਦੀ ਅਫ਼ਸਰਸ਼ਾਹੀ ਵੱਲੋਂ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ। ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅਤੇ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਦਲ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੀ ਸਥਿਤੀ ਤਿੰਨ ਮਹੀਨਿਆਂ ਵਿੱਚ ਸੁਧਰਨ ਵਾਲੀ ਨਹੀਂ ਹੈ। ਇਸ ਮੌਕੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਹਰਭਜਨ ਸਿੰਘ ਡੰਗ, ਹਰਚਰਨ ਸਿੰਘ ਗੋਹਲਵੜੀਆ, ਬੀਬੀ ਸੁਰਿੰਦਰ ਕੌਰ ਦਿਆਲ, ਚਰਨਜੀਤ ਸਿੰਘ ਪੰਨੂ ਤੇ ਸੁਰਜੀਤ ਸਿੰਘ ਭਿਖੀ ਸਮੇਤ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ। ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਗੁਰਿੰਦਰ ਸਿੰਘ