ਪੱਤਰ ਪ੍ਰੇਰਕ
ਅਬੋਹਰ, 4 ਜੁਲਾਈ
ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣਾ ਵਾਅਦਾ ਪੂਰਾ ਨਹੀਂ ਕਰ ਰਹੀ, ਜਿਸ ਕਾਰਨ ਲੋਕਾਂ ਨੂੰ ਆਪਣੇ ਜਾਇਜ਼ ਕੰਮ ਕਰਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਚੱਕਰ ਕੱਟਣੇ ਪੈ ਰਹੇ ਹਨ। ਇਹ ਗੱਲ ਅੱਜ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਆਪਣੇ ਨਿਵਾਸ ਸਥਾਨ ’ਤੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਸ੍ਰੀ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਵੀਂ ਕ੍ਰਾਂਤੀ ਲਿਆਉਣ ਅਤੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਸਰਕਾਰ ਆਪਣੇ ਵਾਅਦੇ ਭੁੱਲ ਗਈ, ਜਿਸ ਕਾਰਨ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਅਬੋਹਰ ਪ੍ਰਸ਼ਾਸਨ ਦੇ ਤਿੰਨ ਅਹਿਮ ਅਹੁਦਿਆਂ ਕਮਿਸ਼ਨਰ, ਐੱਸਡੀਐੱਮ, ਮਾਰਕੀਟ ਕਮੇਟੀ ਸਕੱਤਰ ਦੀ ਪੱਕੀ ਨਿਯੁਕਤੀ ਨਹੀਂ ਕੀਤੀ ਗਈ। ਹੈਰਾਨੀ ਦੀ ਗੱਲ ਹੈ ਕਿ ਪੂਰੇ ਜ਼ਿਲ੍ਹੇ ਨੂੰ ਸਿਰਫ਼ ਇੱਕ ਐੱਸਡੀਐੱਮ ਹੀ ਸੰਭਾਲ ਰਿਹਾ ਹੈ। ਕਮਿਸ਼ਨਰ ਅਤੇ ਐੱਸਡੀਐੱਮ ਵਰਗੇ ਅਹਿਮ ਅਹੁਦਿਆਂ ’ਤੇ ਅਸਥਾਈ ਨਿਯੁਕਤੀਆਂ ਕਾਰਨ ਅਮਰੂਤ ਸਕੀਮ ਤਹਿਤ ਚੱਲ ਰਹੇ ਕਈ ਵਿਕਾਸ ਕਾਰਜ ਠੱਪ ਪਏ ਹਨ, ਜਦਕਿ ਐੱਸਡੀਐੱਮ ਦੀ ਗੈਰਹਾਜ਼ਰੀ ਵਿੱਚ ਫੋਰ ਲੈਨ ਬਣਾਉਣ ਲਈ ਐਕੁਆਇਰ ਜ਼ਮੀਨ ਮਾਲਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਨਹੀਂ ਮਿਲ ਰਹੀ। ਸੰਦੀਪ ਜਾਖੜ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੁੱਢੇ ਨਾਲੇ ਵਿੱਚ ਸੁੱਟੇ ਜਾ ਰਹੇ ਜ਼ਹਿਰੀਲੇ ਪਾਣੀ ਨੂੰ ਰੋਕਿਆ ਜਾਵੇ।