ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ 1984 ਦੇ ਸਿੱਖ ਨਸਲਕੁਸ਼ੀ ਪੀੜਤਾਂ ਦੀ ਮਦਦ ਕਰਨ ਦੀ ਥਾਂ ਉਨ੍ਹਾਂ ਤੋਂ ਸਹੂਲਤਾਂ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੀੜਤਾਂ ਦੇ ਰੱਦ ਕੀਤੇ 135 ਲਾਲ ਕਾਰਡ ਜਾਰੀ ਨਾ ਕੀਤੇ ਤਾਂ ਸੁਸਾਇਟੀ ਮੈਂਬਰਾਂ ਵੱਲੋਂ ਆਤਮਦਾਹ ਕੀਤਾ ਜਾਵੇਗਾ। ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਨਸਲਕੁਸ਼ੀ ਪੀੜਤਾਂ ਦੇ ਲਾਲ ਕਾਰਡ ਨਾਜਾਇਜ਼ ਢੰਗ ਨਾਲ ਰੱਦ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੰਦੇ ਹਨ ਤੇ ਜੇ ਮਹੀਨੇ ਤੱਕ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਸੁਸਾਇਟੀ ਦੇ ਮੈਂਬਰ ਆਤਮਦਾਹ ਕਰਨਗੇ। ਇਸ ਤਹਿਤ ਸਭ ਤੋਂ ਪਹਿਲਾਂ ਪੰਜ ਮਹਿਲਾਵਾਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਇਹ ਕਦਮ ਚੁੱਕਣਗੀਆਂ।