ਗੁਰਿੰਦਰ ਸਿੰਘ
ਲੁਧਿਆਣਾ, 7 ਅਪਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਵੱਲੋ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖੀ ਦੀ ਪ੍ਰਚਾਰ ਮੁਹਿੰਮ ਨੂੰ ਪ੍ਰਚੰਡ ਕਰਨ ਵਿੱਚ ਇਸਤਰੀ ਕੀਰਤਨੀਆਂ ਦੀ ਕੌਮ ਨੂੰ ਵੱਡੀ ਦੇਣ ਹੈ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੀ ਸਾਂਝ ਫੇਰੀ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਫਲਸਫੇ, ਸਿੱਖਿਆਵਾਂ, ਸਿਧਾਂਤਾਂ, ਇਤਿਹਾਸ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨੂੰ ਲੈ ਕੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਜ਼-2 ਅਰਬਨ ਅਸਟੇਟ ਦੁੱਗਰੀ ਵੱਲੋਂ ਬੱਚਿਆਂ ਦੀ ਸਾਂਝ ਫੇਰੀ ਕੱਢੀ ਗਈ। ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਜੈਕਾਰਿਆਂ ਦੀ ਗੂੰਜ ਵਿੱਚ ਬੱਚਿਆਂ ਦੀ ਸਾਂਝ ਫੇਰੀ ਨੂੰ ਰਵਾਨਾ ਕੀਤਾ।