ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ ਕਰ ਕੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਸੂਬਾਈ ਹੜ੍ਹ ਰੋਕੂ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੜ੍ਹ ਸੰਭਾਵੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸਪੁਰਦਗੀ ਵਿੱਚ 10 ਕਰੋੜ ਰੁਪਏ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸ਼ਹਿਰੀ ਖੇਤਰਾਂ ’ਚ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਬਚਾਅ ਲਈ ਸ਼ਹਿਰੀ ਡਰੇਨਾਂ ਦੀ ਚੰਗੀ ਤਰ੍ਹਾਂ ਸਫਾਈ ਕਰਵਾਉਣ ਲਈ ਵੀ ਕਿਹਾ। ਸੂਬੇ ਵਿਚਲੇ ਜਲ ਭੰਡਾਰਾਂ ਅਤੇ ਡੈਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਮੌਜੂਦਾ ਘਟਦੇ ਪੱਧਰ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਅਨੁਸਾਰ ਇਹ ਪਿਛਲੇ 40 ਸਾਲਾਂ ਵਿੱਚ ਸਭ ਤੋਂ ਘੱਟ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਵਿਆਪਕ ਪਹੁੰਚ ਨਾਲ ਲੋੜੀਂਦੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੀ ਲੋੜ ’ਤੇ ਜ਼ੋਰ ਦਿੱਤਾ।