ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਅਗਸਤ
ਕਾਂਗਰਸ ਦੇ ਤਿੰਨ ਮੌਜੂਦਾ ਨਗਰ ਕੌਂਸਲਰ ਵਾਰਡ ਨੰਬਰ-30 ਤੋਂ ਵਿਕਾਸ ਗਿੱਲ, ਵਾਰਡ ਨੰਬਰ-28 ਤੋਂ ਜਸਵਿੰਦਰ ਪਾਲ ਅਤੇ ਵਾਰਡ ਨੰਬਰ-46 ਤੋਂ ਮੁਕੇਸ਼ ਕੁਮਾਰ ਮੱਲ੍ਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੇਅਰ ਸ਼ਿਵ ਸੂਦ ਅਤੇ ਜ਼ਿਲ੍ਹਾ ਖਜ਼ਾਨਚੀ ਡਾ. ਬਿੰਦੁਸਾਰ ਸ਼ੁਕਲਾ ਨੇ ਇਨ੍ਹਾਂ ਦਾ ਸਵਾਗਤ ਕੀਤਾ।
ਨਿਪੁੰਨ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਕੌਂਸਲਰਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਾਜਪਾ ਹੁਣ ਉਨ੍ਹਾਂ ਦਾ ਪਰਿਵਾਰ ਹੈ ਅਤੇ ਪਰਿਵਾਰ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਉਹ ਬਾਖੂਬੀ ਨਿਭਾਉਣਗੇ।
ਭਾਜਪਾ ’ਚ ਸ਼ਾਮਿਲ ਹੋਏ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।