ਸ਼ਗਨ ਕਟਾਰੀਆ
ਬਠਿੰਡਾ, 5 ਫਰਵਰੀ
‘ਕਿਸਾਨ ਅੰਦੋਲਨ’ ਦੀ ਕੜੀ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ 12 ਤੋਂ 3 ਵਜੇ ਤੱਕ ਦਿੱਤੇ ਸੜਕੀ ਆਵਾਜਾਈ ਜਾਮ ਕਰਨ ਦੇ ਸੱਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਹਨ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਇਹ ਅੰਦੋਲਨ ਸ਼ਾਂਤਮਈ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਹਰਜਿੰਦਰ ਸਿੰਘ ਬੱਗੀ ਅਨੁਸਾਰ ਉਨ੍ਹਾਂ ਦਾ ਸੰਗਠਨ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਪਿੰਡ ਜੀਦਾ ਦੇ ਟੋਲ ਪਲਾਜ਼ੇ ’ਤੇ ਧਰਨਾ ਲਾ ਕੇ ਆਵਾਜਾਈ ਰੋਕੇਗਾ।
ਇਸੇ ਤਰ੍ਹਾਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਲਹਿਰਾਬੇਗਾ ਟੌਲ ਪਲਾਜ਼ਾ, ਬਠਿੰਡਾ-ਮਾਨਸਾ ਸਟੇਟ ਹਾਈਵੇਅ ’ਤੇ ਮੌੜ ਮੰਡੀ ਕੋਲ ਅਤੇ ਬਠਿੰਡਾ-ਲੰਬੀ ਰਾਜ ਮਾਰਗ ’ਤੇ ਪਿੰਡ ਘੁੱਦਾ ਕੋਲ ਧਰਨੇ ਲਾ ਕੇ ਆਵਾਜਾਈ ਰੋਕੀ ਜਾਵੇਗੀ। ਉਗਰਾਹਾਂ ਧੜੇ ਦੇ ਹੀ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਨੱਥਾ ਸਿੰਘ ਬਰਾੜ ਰੋੜੀਕਪੂਰਾ ਨੇ ਕਿਹਾ ਕਿ ਜਾਮ ਦੇ ਪ੍ਰੋਗਰਾਮ ਤਹਿਤ ਉਹ ਜੈਤੋ ਸਥਿਤ ਬਾਜਾ ਚੌਕ ਵਿਚ ਆਵਾਜਾਈ ਠੱਪ ਕਰਨਗੇ।
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਰੇਸ਼ਮ ਸਿੰਘ ਯਾਤਰੀ ਨੇ ਆਪਣੇ ਪ੍ਰੋਗਰਾਮ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਭਾਈ ਘਨੱਈਆ ਚੌਕ ਤੋਂ ਇਲਾਵਾ ਰਾਮਪੁਰਾ ਸ਼ਹਿਰ ਦੇ ਚੌਕ, ਮੌੜ ਮੰਡੀ ਨਜ਼ਦੀਕ ਅਤੇ ਬਠਿੰਡਾ-ਡੱਬਵਾਲੀ ਰੋਡ ’ਤੇ ਸੰਗਤ ਕੈਂਚੀਆਂ ਕੋਲ ਧਰਨੇ ਲਾ ਕੇ ਆਵਾਜਾਈ ਠੱਪ ਕੀਤੀ ਜਾਵੇਗੀ। ਉਧਰ ਇਸ ਜਾਮ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਆਵਾਜਾਈ ਨੂੰ ਬਦਲਵੇਂ ਰਸਤਿਓਂ ਲੰਘਾਉਣ ਲਈ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਧਰਨੇ ਦੇ 128ਵੇਂ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਮੋਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਦੇਸ਼ ਦਾ ਹਰ ਵਰਗ ਇਸ ਭਾਜਪਾ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਦੇ ਸੱਦੇ ਤਹਿਤ ਸਾਰੇ ਦੇਸ਼ ਵਿੱਚ ਚੱਕਾ ਜਾਮ ਕੀਤਾ ਜਾ ਰਿਹਾ ਹੈ ਅਤੇ ਮਾਨਸਾ ਵਿਖੇ ਸਿਰਸਾ-ਬਰਨਾਲਾ ਮੁੱਖ ਮਾਰਗ ’ਤੇ ਚੱਕਾ ਜਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 5 ਜਗ੍ਹਾ ਉਪਰ ਜਾਮ ਲਾਇਆ ਜਾਵੇਗਾ।