ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
ਚੰਡੀਗੜ੍ਹ ਵਿੱਚ ਮੌਨਸੂਨ ਦੀ ਆਮਦ ਤੋਂ ਬਾਅਦ ਵੀ ਗਰਮੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। ਅੱਜ ਸਵੇਰ ਸਮੇਂ ਪਏ ਮੀਂਹ ਤੋਂ ਬਾਅਦ ਨਿਕਲੀ ਤੇਜ਼ ਧੁੱਪ ਨੇ ਮੁੜ ਗਰਮੀ ਵਧਾ ਦਿੱਤੀ। ਐਤਵਾਰ ਨੂੰ ਛੁੱਟੀ ਵਾਲੇ ਦਿਨ ਘੁੰਮਣ ਨਿਕਲੇ ਲੋਕ ਗਰਮੀ ਵਧਣ ਕਰ ਕੇ ਹਾਲੋਂ ਬੇਹਾਲ ਹੋ ਗਏ। ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਦੇ ਬਰਾਬਰ ਰਿਹਾ ਹੈ ਅਤੇ। ਅੱਜ ਸ਼ਹਿਰ ਵਿੱਚ 26.8 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਕ ਮੌਨਸੂਮ ਪੂਰੇ ਦੇਸ਼ ਵਿੱਚ ਦਸਤਕ ਦੇ ਚੁੱਕਾ ਹੈ। ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 4 ਤੇ 5 ਜੁਲਾਈ ਨੂੰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ ਜਦੋਂ ਕਿ 6 ਤੇ 7 ਜੁਲਾਈ ਨੂੰ ਤੇਜ਼ ਮੀਂਹ ਅਤੇ ਹਨੇਰੀ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਮੀਂਹ ਪੈਣ ਦੇ ਨਾਲ-ਨਾਲ ਤਾਪਮਾਨ ਵੀ ਡਿੱਗੇਗਾ, ਜਿਸ ਕਰ ਕੇ ਇਹ ਹਫ਼ਤਾ ਭਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ। ਇਸ ਦੇ ਨਾਲ ਹੀ ਠੰਢੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਐਤਵਾਰ ਨੂੰ ਛੁੱਟੀ ਵਾਲੇ ਦਿਨ ਗਰਮੀ ਦੇ ਬਾਵਜੂਦ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਸ਼ਹਿਰ ਵਿੱਚ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਸੈਲਾਨੀਆਂ ਦੀ ਭੀੜ ਲੱਗੀ ਰਹੀ। ਸ਼ਾਮ ਸਮੇਂ ਲੋਕ ਸੁਖਨਾ ਝੀਲ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਸ਼ਾਮ ਹੁੰਦੇ ਤੱਕ ਸ਼ਹਿਰ ਦੇ ਸਾਰੇ ਬਾਜ਼ਾਰਾਂ ਅਤੇ ਹੋਰ ਥਾਵਾਂ ’ਤੇ ਵੱਡੀ ਗਿਣਤੀ ਲੋਕ ਪਹੁੰਚੇ ਹੋਏ ਸਨ। ਇਸ ਦੌਰਾਨ ਸ਼ਹਿਰ ਦੀਆਂ ਤਕਰੀਬਨ ਸਾਰੀਆਂ ਘੁੰਮਣ ਫਿਰਨ ਵਾਲੀਆਂ ਥਾਵਾਂ ’ਤ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।
ਸੁਖਨਾ ਝੀਲ ’ਤੇ ਕਰੋਨਾ ਨੇਮਾਂ ਦੀਆਂ ਉੱਡੀਆਂ ਧੱਜੀਆਂ
ਸੋਹਣੇ ਸ਼ਹਿਰ ਚੰਡੀਗੜ੍ਹ ਵਿੱਚ ਦਿਨ ਭਰ ਗਰਮੀ ਤੋਂ ਬਾਅਦ ਸ਼ਾਮ ਨੂੰ ਮੌਸਮ ਵਧੀਆ ਹੋਣ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਸੁਖਨਾ ਝੀਲ ’ਤੇ ਪਹੁੰਚੇ। ਇਸ ਦੌਰਾਨ ਸੁਖਨਾ ਝੀਲ ’ਤੇ ਵੱਡੀ ਗਿਣਤੀ ਲੋਕ ਕਰੋਨਾ ਸਬੰਧੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦੇਖੇ ਗਏ। ਸ਼ਹਿਰ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਨੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਦੀ ਵਰਤੋਂ ਕਰਨ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਹੋਈ ਹੈ ਪਰ ਇਸ ਦੇ ਬਾਵਜੂਦ ਲੋਕ ਭੀੜ-ਭਾੜ ਵਾਲੀਆਂ ਥਾਵਾਂ ’ਤੇ ਵੀ ਮਾਸਕ ਦੀ ਵਰਤੋਂ ਨਹੀਂ ਕਰ ਰਹੇ ਹਨ। ਦੂਜੇ ਪਾਸੇ ਲੋਕਾਂ ਦੀ ਭੀੜ ਅੱਗੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਬੇਵੱਸ ਖੜ੍ਹੇ ਰਹਿੰਦੇ ਹਨ।