ਦਵਿੰਦਰ ਪਾਲ
ਚੰਡੀਗੜ੍ਹ, 30 ਅਪਰੈਲ
ਮੁੱਖ ਅੰਸ਼
- ਇੰਟਰਨੈੱਟ ਸੇਵਾਵਾਂ ਬਹਾਲ
- ਸਮੁੱਚੇ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ
ਪੰਜਾਬ ਸਰਕਾਰ ਨੇ ਦੋ ਧਿਰਾਂ ਵਿੱਚ ਹੋਈ ਝੜਪ ਤੋਂ ਬਾਅਦ ਅੱਜ ਪਟਿਆਲਾ ਰੇਂਜ ਦੇ ਆਈਜੀ, ਜ਼ਿਲ੍ਹਾ ਪੁਲੀਸ ਮੁਖੀ ਅਤੇ ਐੱਸਪੀ (ਸਿਟੀ) ਨੂੰ ਬਦਲ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐੱਸਐੱਸਪੀ ਅਤੇ ਵਜ਼ੀਰ ਸਿੰਘ ਨੂੰ ਐੱਸਪੀ ਨਿਯੁਕਤ ਕੀਤਾ ਗਿਆ ਹੈ। ਛੀਨਾ ਨੂੰ ਰਾਕੇਸ਼ ਅਗਰਵਾਲ ਅਤੇ ਪਾਰਿਕ ਨੂੰ ਨਾਨਕ ਸਿੰਘ ਦੀ ਥਾਂ ਤਾਇਨਾਤ ਕੀਤਾ ਗਿਆ ਹੈ। ਉਂਜ ਅਗਰਵਾਲ ਤੇ ਸਿੰਘ ਨੂੰ ਅਜੇ ਨਵੀਆਂ ਨਿਯੁਕਤੀਆਂ ਨਹੀਂ ਦਿੱਤੀਆਂ ਗਈਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਸਰਕਾਰ ਵੱਲੋਂ ਇਸ ਮਾਮਲੇ ’ਤੇ ਅਧਿਕਾਰੀਆਂ ਖਿਲਾਫ਼ ਕਾਰਵਾਈ ਲਈ ਵਿਚਾਰ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਜਾਂਚ ਰਿਪੋਰਟ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੂਰੇ ਮਾਮਲੇ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀਜੀਪੀ ਵੀਰੇਸ਼ ਕੁਮਾਰ ਭਾਵੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ ਤੇ ਇੰਟੈਲੀਜੈਂਸ ਵਿੰਗ ਦੇ ਮੁਖੀ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਖੁਫੀਆ ਰਿਪੋਰਟਾਂ ਦੀ ਵੀ ਸਮੀਖਿਆ ਕੀਤੀ ਗਈ ਕਿ ਕਿਵੇਂ ਸਥਾਨਕ ਪੁਲੀਸ ਨੇ ਪਟਿਆਲਾ ਸ਼ਹਿਰ ਵਿੱਚ ਸ਼ਿਵ ਸੈਨਾ ਵੱਲੋਂ ਮਾਰਚ ਕੱਢਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਸੂਤਰਾਂ ਮੁਤਾਬਕ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਜੇਕਰ ਸਥਾਨਕ ਪੁਲੀਸ ਵੇਲੇ ਸਿਰ ਕਾਰਵਾਈ ਕਰਦੀ ਅਤੇ ਦੋਵਾਂ ਧਿਰਾਂ ਵੱਲੋਂ ਕੀਤੇ ਜਾਣ ਵਾਲੇ ਇਕੱਠ ਨੂੰ ਰੋਕਦੀ ਤਾਂ ਨੌਬਤ ਤਣਾਅਪੂਰਨ ਸਥਿਤੀ ਵਾਲੀ ਨਾ ਬਣਦੀ। ਮੀਟਿੰਗ ਦੌਰਾਨ ਹੀ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕਰਨ ਬਾਰੇ ਸਹਿਮਤੀ ਬਣੀ।