ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੂਬਾ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਟਰਕਾਊ ਨੀਤੀ ਖ਼ਿਲਾਫ਼ ਜ਼ਿਲ੍ਹਾ ਸਕੱਤਰੇਤ ਅੱਗੇ ਦਿਨ ਰਾਤ ਦਾ 4 ਰੋਜ਼ਾ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਸੁਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਦਿੱਲੀ ਮੋਰਚਾ ਜਿੱਤਣ ਮਗਰੋਂ ਚੰਨੀ ਸਰਕਾਰ ਦੀ ਟਰਕਾਊ ਨੀਤੀ ਖ਼ਿਲਾਫ਼ ਜੰਗ ਨਵੇਂ ਜੋਸ਼ ਨਾਲ ਵਿੱਢੀ ਗਈ ਹੈ। ਜਥੇਬੰਦੀ ਵੱਲੋਂ ਸੂਬਾ ਭਰ ’ਚ ਅੱਜ ਤੋਂ ਦਿਨ ਰਾਤ 24 ਘੰਟੇ ਦਾ 24 ਦਸੰਬਰ ਤੱਕ ਡੀਸੀ. ਦਫਤਰਾਂ ਅੱਗੇ ਪੱਕੇ ਮੋਰਚੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦਿੱਲੀ ਜਿੱਤਣ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਕਰਾਰ ਦਿੰਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੱਥੇਬੰਦੀ ਦੇ ਆਗੂਆਂ ਨੂੰ 16 ਦਸੰਬਰ ਲਈ ਗੱਲਬਾਤ ਲਈ ਸੱਦ ਕੇ ਆਪ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਬੇਰੁਜ਼ਗਾਰ ਟੀਚਰਾਂ ’ਤੇ ਮਾਨਸਾ ’ਚ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਦੋਸ਼ੀ ਡੀਐੱਸਪੀ ਖ਼ਿਲਾਫ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ, ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਹਰ ਕਿਸਮ ਦਾ ਵਾਧਾ ਰੱਦ ਕੀਤਾ ਜਾਵੇ।
ਮਾਨਸਾ (ਜੋਗਿੰਦਰ ਸਿੰਘ ਮਾਨ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ 20 ਦਸੰਬਰ ਤੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨਤਾਰਨ, ਗੁਰਦਾਸਪੁਰ ਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ 5 ਦਿਨ ਪਰ ਰਾਤ ਚੱਲਣਗੇ। ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜੋ ਇਨ੍ਹਾਂ ਧਰਨਿਆਂ ਦੀਆਂ ਹੋਰ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ’ਚ ਧਰਨੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਅਜਿਹਾ ਅੰਦੋਲਨ ਬਹੁਤ ਸਮਾਂ ਪਹਿਲਾਂ ਚਲਾਇਆ ਜਾਣਾ ਸੀ, ਪਰ ਉਸ ਵੇਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਚੱਲ ਰਹੇ ਅੰਦੋਲਨ ਕਾਰਨ ਨਹੀਂ ਆਰੰਭਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ 16 ਦਸੰਬਰ ਦੀ ਮੀਟਿੰਗ ਵਿੱਚ ਵੀ ਇਨ੍ਹਾਂ ਮਸਲਿਆਂ ਦੇ ਹੱਲ ਕਰਵਾਉਣ ਲਈ ਜ਼ੋਰ ਪਾਉਣਾ ਚਾਹੁੰਦੀ ਸੀ, ਪਰ ਮੁੱਖ ਮੰਤਰੀ ਵੱਲੋਂ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇਕੇ ਮਗਰੋਂ ਅਣਮਿਥੇ ਸਮੇਂ ਲਈ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ, ਜਿਸ ਨੂੰ ਹੁਣ 23 ਦਸੰਬਰ ਨੂੰ ਬੁਲਾਇਆ ਗਿਆ ਹੈ।
ਬਠਿੰਡਾ (ਸ਼ਗਨ ਕਟਾਰੀਆ) ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਮੋਰਚੇ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਮੰਨਣ ਲਈ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ। ਮੋਰਚੇ ’ਚ ਸ਼ਾਮਿਲ ਹੋਏ ਕਿਸਾਨ ਆਪਣੇ ਲੰਗਰ ਤੇ ਰਾਤ ਦੇ ਰਹਿਣ ਦੇ ਪ੍ਰਬੰਧ ਲਈ ਪਿੰਡਾਂ ਤੋਂ ਟਰਾਲੀਆਂ ਅਤੇ ਤੰਬੂ ਨਾਲ ਲੈ ਕੇ ਆਏ ਹਨ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ’ਚ 20 ਤੋਂ 24 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਅੱਗੇ 5 ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਬਿੱਟੂ ਮੱਲਣ, ਜਗਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਦੀ ਜਿੱਤ ਪਿੱਛੋਂ ਪੰਜਾਬ ਦੀ ਕੈਪਟਨ ਸਰਕਾਰ ਦੀ ਵਾਅਦਾਖਿਲਾਫ਼ੀ ਤੇ ਚੰਨੀ ਸਰਕਾਰ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ 16 ਦਸੰਬਰ ਦੀ ਮੀਟਿੰਗ ਰੱਖ ਕੇ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਖ਼ਿਲਾਫ਼ ਰੋਸ ਵਜੋਂ ਪੰਜ ਰੋਜ਼ਾ ਧਰਨੇ ਦਾ ਐਲਾਨ ਕੀਤਾ ਗਿਆ।