ਰਾਏਕੋਟ (ਰਾਮ ਗੋਪਾਲ ਰਾਏਕੋਟੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਭਾਰਤ-ਬੰਦ ਲਈ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਇਲਾਕੇ ਵਿਚ ਤਿਆਰੀਆਂ ਜ਼ੋਰਾਂ ’ਤੇ ਹਨ। ਪਿੰਡ-ਪਿੰਡ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਕੇ ਮੁਜ਼ਾਹਰੇ ਕਰਦਿਆਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਬਲਾਕ ਪ੍ਰਧਾਨ ਰਣਧੀਰ ਸਿੰਘ ਉੱਪਲ (ਬੱਸੀਆਂ), ਪ੍ਰਧਾਨ ਤਾਰਾ ਸਿੰਘ ਅੱਚਰਵਾਲ ਨੇ ਸਾਂਝੇ ਰੂਪ ’ਚ ਵੱਖ-ਵੱਖ ਪਿੰਡਾਂ ’ਚੋਂ ਦੀ ਮਾਰਚ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਂਝੇ ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਲਕੇ ਰਾਏਕੋਟ ਦੇ ਬਰਨਾਲਾ ਚੌਂਕ ’ਚ ਚੱਕਾ ਜਾਮ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਵਰ੍ਹਦਿਆਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਨੂੰ ਸਾਰੀਆਂ ਜਥੇਬੰਦੀਆਂ ਵੱਲੋਂ ਵੋਟ ਬੈਂਕ ਬਚਾਉਣ ਲਈ ਕੀਤੇ ਗਏ ਡਰਾਮੇ ਵਜੋਂ ਦੇਖਿਆ ਜਾ ਰਿਹਾ ਹੈ। ਬੀਬੀ ਬਾਦਲ ਨੇ ਇਸ ਤੋਂ ਪਹਿਲਾਂ ਕਿਸਾਨਾਂ ਦੇ ਸੰਘਰਸ਼ ਨੂੰ ਫਜ਼ੂਲ ਦੱਸਦਿਆਂ ਆਰਡੀਨੈਂਸਾਂ ਨੂੰ ਸਹੀ ਦਰਸਾਉਣ ਲਈ ਜ਼ੋਰ ਲਾਇਆ ਸੀ। ਉਨ੍ਹਾਂ ਸਾਰੇ ਵਰਗਾਂ ਨੂੰ ਬੰਦ ਦੇ ਸਹਿਯੋਗ ਦੀ ਅਪੀਲ ਕੀਤੀ।