ਮੁਕੇਸ਼ ਕੁਮਾਰ
ਚੰਡੀਗੜ੍ਹ, 26 ਸਤੰਬਰ
ਸ਼ਹਿਰ ਵਿੱਚ ਆਵਾਰਾ ਕੁੱਤਿਆਂ ਸਣੇ ਗਾਰਬੇਜ ਕੁਲੈਕਸ਼ਨ, ਥਾਂ-ਥਾਂ ਹੋਏ ਨਾਜਾਇਜ਼ ਕਬਜ਼ਿਆਂ ਅਤੇ ਮਾੜੀ ਸਫਾਈ ਵਿਵਸਥਾ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸ਼ਹਿਰ ਵਾਸੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਚੰਡੀਗੜ੍ਹ ਦੇ ਮੇਅਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਖਰੀਆਂ-ਖਰੀਆਂ ਸੁਣਾ ਦਿੱਤੀਆਂ।
ਚੰਡੀਗੜ੍ਹ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਜ਼ ਫੈਡਰੇਸ਼ਨ (ਕ੍ਰਾਅਫੈੱਡ) ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਚਰਚਾ ਕਰਨ ਲਈ ਇੱਥੇ ਸੈਕਟਰ 16 ਸਥਿਤ ਗਾਂਧੀ ਸਮਾਰਕ ਭਵਨ ਵਿਖੇ ਇੱਕ ਪ੍ਰੋਗਰਾਮ ਗਿਆ ਜਿਸ ਵਿਚ ਸ਼ਹਿਰ ਵਾਸੀਆਂ ਨੇ ਮੁੱਖ ਮਹਿਮਾਨ ਵਜੋਂ ਮੇਅਰ ਰਵੀ ਕਾਂਤ ਸ਼ਰਮਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਨਿੰਦਿਤਾ ਮਿਤਰਾ ਨੂੰ ਲੰਬੇ ਹੱਥੀਂ ਲਿਆ। ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੂੰ ਮੇਅਰ ਰਵੀ ਕਾਂਤ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਨਿਗਮ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਇਲਾਕਿਆਂ ਦੀਆਂ ਨਿਗਮ ਨਾਲ ਸਬੰਧ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ।
ਮੀਟਿੰਗ ਦੌਰਾਨ ਕ੍ਰਾਅਫੈੱਡ ਦੇ ਪ੍ਰਧਾਨ ਹਿਤੇਸ਼ ਪੁਰੀ ਅਤੇ ਹੋਰ ਅਹੁਦੇਦਾਰਾਂ ਨੇ ਮੇਅਰ ਰਵੀ ਕਾਂਤ ਸ਼ਰਮਾ ਅਤੇ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ। ਮੀਟਿੰਗ ਦੌਰਾਨ ਹਾਜ਼ਰ ਸ਼ਹਿਰ ਦੀਆਂ ਵੱਖ-ਵੱਖ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਹੋਰ ਸ਼ਹਿਰ ਵਾਸੀਆਂ ਨੇ ਆਪੋ-ਆਪਣੇ ਇਲਾਕੇ ਦੀਆਂ ਸਮੱਸਿਆਵਾਂ ਦਾ ਜ਼ਿਕਰ ਵੀ ਕੀਤਾ। ਮੀਟਿੰਗ ਵਿੱਚ ਹਾਜ਼ਰ ਲੋਕਾਂ ਨੇ ਸ਼ਹਿਰ ਵਿੱਚ ਸਭ ਤੋਂ ਵੱਧ ਸ਼ਿਕਾਇਤਾਂ ਗਾਰਬੇਜ ਕੁਲੈਕਸ਼ਨ ਅਤੇ ਸ਼ਹਿਰ ਵਿੱਚ ਥਾਂ-ਥਾਂ ਫੈਲੀ ਗੰਦਗੀ ਨੂੰ ਲੈ ਕੇ ਕੀਤੀਆਂ। ਮੀਟਿੰਗ ਦੌਰਾਨ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਨਾਲ-ਨਾਲ ਪਾਲਤੂ ਕੁੱਤਿਆਂ ਦੇ ਮਾਲਕਾਂ ਵੱਲੋਂ ਜਨਤਕ ਥਾਵਾਂ ’ਤੇ ਕੁੱਤਿਆਂ ਨੂੰ ਘੁਮਾਏ ਜਾਣ ਦਾ ਮੁੱਦਾ ਵੀ ਉੱਠਿਆ। ਮੀਟਿੰਗ ਦੌਰਾਨ ਕ੍ਰਾਅਫੈੱਡ ਦੇ ਪ੍ਰਮੁੱਖ ਬੁਲਾਰੇ ਡਾ. ਅਨੀਸ਼ ਗਰਗ ਨੇ ਕਿਹਾ ਕਿ ਸ਼ਹਿਰ ਵਿੱਚ ਨਿੱਤ ਵਧ ਰਹੇ ਨਾਜਾਇਜ਼ ਕਬਜ਼ਿਆਂ ਸਬੰਧੀ ਨਗਰ ਨਿਗਮ ਗੰਭੀਰ ਨਹੀਂ ਹੈ। ਉਨ੍ਹਾਂ ਮੇਅਰ ਤੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਨੱਥ ਪਾਉਣ ਲਈ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਕ੍ਰਾਅਫੈੱਡ ਦੇ ਸਕੱਤਰ ਰਜਤ ਮਲਹੋਤਰਾ ਨੇ ਸ਼ਹਿਰ ਵਿੱਚ ਲੱਗਣ ਵਾਲੀ ਹਫ਼ਤਾਵਾਰੀ ਸਬਜ਼ੀ ਮੰਡੀ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਬਜ਼ੀ ਮੰਡੀ ਲੱਗਣ ਵਾਲੀ ਥਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਪਾਣੀ ਅਤੇ ਬਿਜਲੀ ਦੀਆਂ ਸਮੱਸਿਆਵਾਂ ਸਬੰਧੀ ‘ਸਿੰਗਲ ਵਿੰਡੋ’ ਦੀ ਵਿਵਸਥਾ ਦੀ ਮੰਗ ਵੀ ਉੱਠੀ। ਕ੍ਰਾਅਫੈੱਡ ਦੇ ਮੀਤ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਮੇਅਰ ਰਵੀ ਕਾਂਤ ਸ਼ਰਮਾ ਅੱਗੇ ਪ੍ਰਸਤਾਵ ਪੇਸ਼ ਕੀਤਾ ਕਿ ਕੌਂਸਲਰਾਂ ਨੂੰ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਸਮਾਂ ਕੱਢਣ ਲਈ ਕਿਹਾ ਜਾਵੇ। ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਜ਼ਾਇਜ ਹਨ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਯਤਨਸ਼ੀਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਿਗਮ ਦੇ ਯਤਨਾਂ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਖਣ ਨੂੰ ਮਿਲੇਗਾ।
ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਨਿਗਮ ਇਨ੍ਹਾਂ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹੱਲ ਕਰੇਗਾ। ਇਸ ਮੌਕੇ ਮੇਅਰ ਰਵੀ ਕਾਂਤ ਸ਼ਰਮਾ ਨੇ ਮੰਨਿਆ ਕਿ ਸ਼ਹਿਰ ਵਿੱਚ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਜ਼ਰੂਰ ਪੇਸ਼ ਆ ਰਹੀ ਹੈ ਪਰ ਦੂਜੇ ਪਾਸੇ ਹੋਰਨਾਂ ਸੂਬਿਆਂ ਤੇ ਸ਼ਹਿਰਾਂ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਕੂੜਾ ਪ੍ਰਬੰਧਨ ਸਬੰਧੀ ਕੀਤੇ ਗਏ ਇੰਤਜ਼ਾਮਾਂ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੀ ਗ੍ਰਾਂਟ ਵਿੱਚ 200 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਇਹ ਸਮੱਸਿਆਵਾਂ ਹੱਲ ਕਰਨ ’ਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਗਾਰਬੇਜ ਪ੍ਰੋਸੈਸਿੰਗ ਪਲਾਂਟ ਸਬੰਧੀ ਕੰਮ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦਸੰਬਰ ਮਹੀਨੇ ਵਿੱਚ ਸਿੰਗਲ ਵਿੰਡੋ ਸਿਸਟਮ ਦੀ ਵਿਵਸਥਾ ਕਰ ਦਿੱਤੀ ਜਾਵੇਗੀ।
ਕਲੋਨੀ ਨੰਬਰ-4 ਦੀ ਹਾਊਸਿੰਗ ਬੋਰਡ ਕਲੋਨੀ ਦੇ ਵਸਨੀਕਾਂ ਵੱਲੋਂ ਨਿਗਮ ਖ਼ਿਲਾਫ਼ ਪ੍ਰਦਰਸ਼ਨ
ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਇਲਾਕੇ ਵਿੱਚ ਗੰਦੇ ਪਾਣੀ, ਸੀਵਰੇਜ ਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਇੱਥੇ ਕਲੋਨੀ ਨੰਬਰ-4 ਵਿਚ ਸਥਿਤ ਹਾਊਸਿੰਗ ਬੋਰਡ ਕਲੋਨੀ ਦੀ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਨਿਗਮ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਮੇਅਰ ਰਵੀ ਕਾਂਤ ਸ਼ਰਮਾ, ਸੰਸਦ ਮੈਂਬਰ ਕਿਰਨ ਖੇਰ ਅਤੇ ਇਲਾਕਾ ਕੌਂਸਲਰ ਸ਼ਕਤੀ ਪ੍ਰਸਾਦ ਦੇਵਸ਼ਾਲੀ ਦੇ ਪੁਤਲੇ ਸਾੜੇ। ਇਹ ਪ੍ਰਦਰਸ਼ਨ ਚੰਡੀਗੜ੍ਹ ਕਾਂਗਰਸ ਦੇ ਆਗੂ ਸ਼ਸ਼ੀ ਸ਼ੰਕਰ ਤਿਵਾੜੀ ਦੀ ਅਗਵਾਈ ਵਿੱਚ ਕੀਤਾ ਗਿਆ। ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਚੌਹਾਨ ਨੇ ਦੱਸਿਆ ਕਿ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਨਗਰ ਨਿਗਮ ਅਧਿਕਾਰੀਆਂ ਸਣੇ ਮੇਅਰ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਅੱਜ ਤੱਕ ਸਮੱਸਿਆਵਾਂ ਹੱਲ ਨਹੀਂ ਹੋਈਆਂ। ਇਲਾਕਾ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਇੱਥੇ ਗੰਦੇ ਪਾਣੀ, ਸੀਵਰੇਜ ਅਤੇ ਕੂੜੇ ਦੀ ਸਮੱਸਿਆ ਹੱਲ ਨਾ ਹੋਈ ਤਾਂ ਕਲੋਨੀ ਨੰਬਰ 4 ਦੇ ਸਾਰੇ ਵਸਨੀਕ ਭਾਜਪਾ ਦਫਤਰ ਦਾ ਘਿਰਾਓ ਕਰਨਗੇ। ਇਸ ਦੌਰਾਨ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪਾਰਸ, ਨੰਦ ਲਾਲ, ਗਿਰੀਸ਼ ਮਿਸ਼ਰਾ ਹਾਜ਼ਰ ਸਨ।