ਪੱਤਰ ਪ੍ਰੇਰਕ
ਮੋਰਿੰਡਾ, 21 ਨਵੰਬਰ
ਇਥੇ ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਕੁੱਕ ਵਰਕਰਾਂ ਵਲੋਂ ਅੱਜ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਬਲਜਿੰਦਰ ਕੌਰ ਲੋਪੇ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧੇ ਕਰਨ ਦੇ ਸਰਕਾਰ ਵਲੋਂ ਸਿਰਫ ਲਾਰੇ ਹੀ ਲਗਾਏ ਜਾ ਰਹੇ ਹਨ। ਜਥੇਬੰਦੀ ਦੇ ਆਗੂਆਂ ਵਲੋਂ ਸਰਕਾਰੀ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ ਅਤੇ ਜੋ 2200 ਰੁਪਏ ਤਨਖਾਹ ਮਿਲਦੀ ਹੈ ਉਹ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਦਿੱਤੀ ਗਈ। ਤਨਖਾਹ ਘੱਟ ਹੋਣ ਕਾਰਨ ਉਨ੍ਹਾਂ ਦਾ ਆਰਥਿਕ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਚੱਲਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨਾ ਹੀ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ ਤੇ ਨਾ ਹੀ ਵਿਭਾਗ ਵਲੋਂ ਕੋਈ ਬੀਮਾ ਕਰਵਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੁੱਕ ਵਰਕਰਾਂ ਦੀਆਂ ਸੇਵਾਵਾਂ ਨੂੰ ਘੱਟੋ-ਘੱਟ ਉਜਰਤ ਅਧੀਨ ਲਿਆਂਦਾ ਜਾਵੇ। ਪੰਜਾਬ ਦਾ ਗੁਆਂਢੀ ਸੂਬਾ ਹਰਿਆਣਾ ਕੁੱਕ ਵਰਕਰਾਂ ਨੂੰ 4500 ਰੁਪਏ ਅਤੇ ਤਾਮਿਲਨਾਡੂ 6500 ਰੁਪਏ ਦੇ ਰਿਹਾ ਹੈ।
ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਕੌਰ ਅੱਚਲ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧ ਚੁੱਕੀ ਹੈ, ਉੱਥੇ ਤੁਰੰਤ ਨਵੀਆਂ ਕੁੱਕ ਭਰਤੀ ਕੀਤੀਆਂ ਜਾਣ ਅਤੇ ਮੀਡ ਡੇਅ ਮੀਲ ਕੁੱਕਾਂ ਦੀਆਂ ਤਨਖਾਹਾਂ ਬਹਾਲ ਕੀਤੀਆਂ ਜਾਣ। ਜਥੇਬੰਦੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਪੀ.ਏ. ਜਸਬੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਪੀ.ਏ. ਜਸਬੀਰ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਨਾਲ 30 ਨਵੰਬਰ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਸ਼ਿੰਦਰ ਕੌਰ, ਸੁਖਜੀਤ ਕੌਰ, ਹਰਿੰਦਰ ਕੌਰ, ਸੁਰਿੰਦਰ ਕੌਰ, ਕੁਲਜੀਤ ਕੌਰ, ਪਰਮਜੀਤ ਕੌਰ, ਰੇਖਾ ਰਾਣੀ, ਜਲ ਕੌਰ ਮੌਜੂਦ ਸਨ।