ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 21 ਅਕਤੂਬਰ
ਇੱਥੋਂ ਨੇੜਲੇ ਪਿੰਡ ਪਸਵਾਲ ਵਿੱਚ ਬੀਤੀ ਰਾਤ ਛੇ ਮੋਟਰਾਂ ਹੋਰ ਚੋਰੀ ਹੋ ਗਈਆਂ ਹਨ। ਇਲਾਕੇ ਦੇ ਕਿਸਾਨ ਆਗੂ ਸੋਹਣ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੋਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਇਹ ਵੀ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਕਈ ਵਾਰ ਚੋਰਾਂ ਸਬੰਧੀ ਠੋਸ ਜਾਣਕਾਰੀ ਵੀ ਪੁਲੀਸ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਂਦੀ ਹੈ ਪਰ ਪੁਲੀਸ ਵੱਲੋਂ ਕਦੇ ਵੀ ਅਜਿਹੇ ਅਨਸਰਾਂ ਨੂੰ ਹੱਥ ਨਹੀਂ ਪਾਇਆ ਗਿਆ। ਪੀੜਤਾਂ ਵਿੱਚ ਕਿਸਾਨਾਂ ਵਿੱਚ ਮਹਿੰਦਰਪਾਲ, ਗੁਰਮੀਤ ਸਿੰਘ, ਗੁਰਜੀਤ ਸਿੰਘ, ਜਗੀਰ ਸਿੰਘ, ਗੁਰਵਿੰਦਰ ਸਿੰਘ, ਤਜਿੰਦਰ ਸਿੰਘ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਅਜਿਹੀ ਕਾਰਵਾਈ ਕਾਰਨ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਸਾਲ ਕਿਸਾਨਾਂ ਦੀਆਂ ਸੈਂਕੜੇ ਦੇ ਕਰੀਬ ਮੋਟਰਾਂ ਚੋਰੀ ਹੋ ਜਾਂਦੀਆਂ ਹਨ। ਇਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਬੋਝ ਝੱਲਣਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਪਿੱਛਲੇ ਕੁਝ ਦਿਨਾਂ ਵਿਚ ਪਹਿਲਾਂ ਵੀ ਕਰੀਬ 10 ਮੋਟਰਾਂ ਚੋਰੀ ਹੋ ਚੁੱਕੀਆਂ ਹਨ।
ਐੱਸਐੱਸਪੀ ਦੀਪਕ ਹਲੋਰੀ ਨੇ ਕਿਹਾ ਕਿ ਉਨ੍ਹਾਂ ਨੇ ਡੀਐੱਸਪੀ ਸੁਖਵਿੰਦਰ ਸਿੰਘ ਬਰਾੜ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੁਖਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਹਲਕੇ ਦਾ ਵਿਸ਼ੇਸ਼ ਦੌਰਾ ਕਰ ਕੇ ਸਬੰਧਿਤ ਥਾਣਾ ਮੁਖੀਆਂ ਨਾਲ ਮਿਲ ਕੇ ਢੁਕਵੇਂ ਕਦਮ ਚੁੱਕਣਗੇ।