ਚੰਡੀਗੜ੍ਹ, 8 ਅਗਸਤ
ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 8.5 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2021-22 ਲਈ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ। ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਸਿਹਤ ਬੀਮਾ ਯੋਜਨਾ ਲਈ ਯੋਗ ਹੋਣਗੇ। ਵਿੱਤ, ਸਬਸਿਡੀ ਦਾਅਵਿਆਂ ਅਤੇ ਟੈਕਸ ਛੋਟ ਦਾ ਲਾਭ ਲੈਣ ਲਈ ‘ਜੇ’ ਫਾਰਮ ਦੀ ਲੋੜ ਹੁੰਦੀ ਹੈ। ਕਿਸਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਦੇ ਉਦੇਸ਼ ਤਹਿਤ ਪੰਜਾਬ ਮੰਡੀ ਬੋਰਡ ਨੇ ਇਸ ਵਰ੍ਹੇ ਇਕ ਵਿਸ਼ੇਸ਼ ਪੋਰਟਲ ਸ਼ੁਰੂ ਕੀਤਾ ਹੈ। ਹੁਣ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਖ਼ੁਦ ਅਪਲਾਈ ਕਰਨ ਲਈ ਬਾਜ਼ਾਰ ਸਮਿਤੀ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਹੋਵੇਗੀ। ਪੰਜਾਬ ਮੰਡੀ ਬੋਰਡ ਦੇ ਪ੍ਰਧਾਨ ਲਾਲ ਸਿੰਘ ਨੇ ਐਤਵਾਰ ਨੂੰ ਇਕ ਬਿਆਨ ਵਿੱਚ ਕਿਹਾ ਕਿ ਬੋਰਡ ਸਭਨਾਂ ਕਿਸਾਨਾਂ ਦੇ ਬੀਮੇ ਦੀ ਰਾਸ਼ੀ ਅਦਾ ਕਰੇਗਾ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਵਰ੍ਹੇ ਪੰਜ ਲੱਖ ਤਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ। -ਏਜੰਸੀ