ਸ਼ਗਨ ਕਟਾਰੀਆ
ਬਠਿੰਡਾ, 21 ਅਕਤੂਬਰ
ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਨਵੇਂ ਬਣੇ ਚੇਅਰਮੈਨ ਅੰਮ੍ਰਿਤ ਅਗਰਵਾਲ ਨੇ ਅੱਜ ਬਠਿੰਡਾ ਸ਼ਹਿਰੀ ਦੇ ਜਗਰੂਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ’ਚ ਕਰਵਾਏ ਇੱਕ ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਅੰਮ੍ਰਿਤ ਲਾਲ ਅਗਰਵਾਲ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵੱਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਅਗਰਵਾਲ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਅੰਮ੍ਰਿਤ ਅਗਰਵਾਲ ਨੇ ਇਹ ਅਹਿਮ ਜ਼ਿੰਮੇਵਾਰੀ ਦੇਣ ਲਈ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਅ ਕੇ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ’ਤੇ ਖਰਾ ਉਤਰਨ ਦੀ ਗੱਲ ਆਖੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਵਾਉਣਾ, ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ। ਇਸ ਮੌਕੇ ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਨ੍ਹਾਂ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾ ਕੇ ਮੂੰਹ ਮਿੱਠਾ ਕਰਵਾਉਂਦਿਆਂ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਬਠਿੰਡਾ (ਦਿਹਾਤੀ) ਦੇ ਵਿਧਾਇਕ ਅਮਿਤ ਰਤਨ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਏਡੀਸੀ ਬਠਿੰਡਾ ਰਾਹੁਲ ਦੇਵ, ਐਸਡੀਐਮ ਬਠਿੰਡਾ ਇਨਾਯਤ ਗਰਗ, ਕਮਿਸ਼ਨਰ ਮਿਉਂਸਿਪਲ ਕਾਰਪੋਰੇਸ਼ਨ ਡਾ. ਪੱਲਵੀ ਚੌਧਰੀ, ਚੇਅਰਮੈਨ ਪੰਜਾਬ ਰਾਜ ਵਣ ਵਿਕਾਸ ਕਾਰਪੋਰੇਸ਼ਨ ਰਾਕੇਸ਼ ਪੁਰੀ, ‘ਆਪ’ ਦੇ ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ, ਮਹਿਲਾ ਵਿੰਗ ਦੇ ਪ੍ਰਧਾਨ ਬਲਜਿੰਦਰ ਕੌਰ ਮੌਜੂਦ ਸਨ।
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਥਾਪੇ ਗਏ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਅੱਜ ਨੂੰ ਪੰਜਾਬ ਪੱਧਰ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਕੁਰਸੀ ’ਤੇ ਬਿਠਾਉਣ ਸਮੇਂ ਅਧਿਕਾਰੀਆਂ ਨੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਰਸਮਾਂ ਅਦਾ ਕੀਤੀਆਂ। ਇਸ ਮੌਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਦੀ ਰਸਮ ਐਗਰੋ ਪੰਜਾਬ ਦੇ ਚੇਅਰਮੈਨ ਸ਼ਮਿੰਦਰ ਸਿੰਘ, ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅਦਾ ਕੀਤੀ। ਇਸ ਮੌਕੇ ਬੋਲਦਿਆਂ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਸਭ ਤੋਂ ਪਹਿਲਾ ਕਾਰਜ ਹੋਵੇਗਾ, ਜਿਸ ਅਧੀਨ ਸੀਵਰੇਜ ਪ੍ਰਣਾਲੀ ਨੂੰ ਠੀਕ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਯੋਜਨਾਵਾਂ ਅਨੁਸਾਰ ਪੂਰੇ ਜ਼ਿਲ੍ਹੇ ਦਾ ਵਿਕਾਸ ‘ਆਪ’ ਸਰਕਾਰ ਦਾ ਏਜੰਡਾ ਹੈ ਅਤੇ ਕਦਮ ਦਰ ਕਦਮ ਵਿਕਾਸ ਕੰਮ ਹੁੰਦੇ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ, ਸੋਹਣਾ ਸਿੰਘ ਕਲੀਪੁਰ, ਰਮੇਸ਼ ਖਿਆਲਾ, ਰਣਦੀਪ ਸ਼ਰਮਾ, ਵੀਨਾ ਅਗਰਵਾਲ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ।