ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜਨਵਰੀ
ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ ਨਮਿਤ ਸਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਰਕਾਬ ਗੰਜ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸ੍ਰੀ ਥਾਪਰ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਪੰਜਾਬ ਰਾਜ ਸਨਅਤੀ ਵਿਕਾਸ ਨਿਗਮ ਲਿਮਟਿਡ ਦੇ ਸਾਬਕਾ ਚੇਅਰਮੈਨ ਰਹੇ ਉਂਕਾਰ ਸਿੰਘ ਥਾਪਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਵਾਰ ਮੈਂਬਰ ਅਤੇ ਦਿੱਲੀ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਰਹੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਸਮੇਤ ਹੋਰ ਅਕਾਲੀ ਆਗੂਆਂ ਵੱਲੋਂ ਸ੍ਰੀ ਥਾਪਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਗਿਆ। ਸੰਸਦ ਮੈਂਬਰ ਪ੍ਰਵੇਸ਼ ਵਰਮਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਗੂਆਂ ਨੇ ਸ੍ਰੀ ਥਾਪਰ ਦੀ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ।