ਪੱਤਰ ਪ੍ਰੇਰਕ
ਸੰਗਰੂਰ, 17 ਜਨਵਰੀ
ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਾਵਰ ਵਿਨਰਜੀਤ ਸਿੰਘ ਗੋਲਡੀ ਨੂੰ ਨੰਬਰਦਾਰਾ ਯੂਨੀਅਨ ਦੇ ਵੱਡੀ ਗਿਣਤੀ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਚੋਣ ਮਨੋਰਥ ਪੱਤਰ ਵਿੱਚ ਉਨ੍ਹਾਂ ਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਜਾਣ।
ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟੜਾ ਨੇ ਦੱਸਿਆ ਕਿ ਉਨ੍ਹਾਂ ਮੰਗ ਪੱਤਰ ਰਾਹੀਂ ਨੰਬਰਦਾਰੀ ਪਿਤਾ-ਪੁਰਖੀ ਕਰਨ ਦੀ ਮੰਗ ਕੀਤੀ| ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਨੰਬਰਦਾਰਾਂ ਨੂੰ ਹਰਿਆਣਾ ਦੀ ਤਰਜ਼ ’ਤੇ ਸਹੂਲਤਾਂ ਦੇਣ, ਤਿੰਨ ਹਜ਼ਾਰ ਰੁਪਏ ਮਾਣ ਭੱਤਾ ਦੇਣ, ਪੰਜ ਲੱਖ ਦਾ ਜੀਵਨ ਸਿਹਤ ਬੀਮਾ ਕਰਨ, ਮੁਫ਼ਤ ਬੱਸ ਪਾਸ ਤੇ ਮੋਬਾਈਲ ਭੱਤਾ ਦੇਣ ਦੀ ਮੰਗ ਕੀਤੀ। ਗੋਲਡੀ ਨੇ ਭਰੋਸਾ ਦਿੱਤਾ ਕਿ ਗੱਠਜੋੜ ਸਰਕਾਰ ਬਣਨ ’ਤੇ ਸਮੂਹ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤੀਆਂ ਜਾਣਗੀਆਂ।