ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਮਈ
ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਪਰਉਪਕਾਰਾਂ ਨੂੰ ਗਿਣਿਆ ਨਹੀਂ ਜਾ ਸਕਦਾ ਕਿਉਂਕਿ ਉਹ ਸਿਰਫ਼ ਹਿੰਦ ਦੀ ਹੀ ਨਹੀਂ, ਸਗੋਂ ਪੂਰੇ ਜਗਤ ਦੀ ਚਾਦਰ ਹਨ ਜਿਨ੍ਹਾਂ ਨੇ ਇਕ ਧਰਮ ਨੂੰ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਹ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਵੱਲੋਂ 400 ਸਾਲਾ ਸਮਾਗਮ ਮਨਾਉਣ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਕਿਸਾਨ ਸੰਘਰਸ਼ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਨਿਰਧਾਰਿਤ ਰਾਗਾਂ ਵਿੱਚ ਅਤੇ ਉਘੇ ਕੀਰਤਨੀਏ ਭਾਈ ਹਰਜੋਤ ਸਿੰਘ ਜ਼ਖਮੀ ਨੇ ਗੁਰਬਾਣੀ ਗਾਇਣ ਕੀਤਾ। ਢਾਡੀ ਜਥਾ ਗਿਆਨੀ ਬਖਸ਼ੀਸ਼ ਸਿੰਘ ਰਣੀਵਲਾਂ ਨੇ ਹਾਜਰੀ ਭਰੀ। ਸੰਤ ਅਮੀਰ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਸਿੰਘ ਸਾਹਿਬ ਗਿਆਨ ਰਘੁਬੀਰ ਸਿੰਘ, ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਭਾਈ ਹਰਜੋਤ ਸਿੰਘ ਜ਼ਖਮੀ ਅਤੇ ਹੋਰ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਭੁਪਿੰਦਰ ਸਿੰਘ ਲਾਡੀ, ਸਾਧਾ ਸਿੰਘ, ਬਲਬੀਰ ਸਿੰਘ ਸੇਖੋਂ, ਡਾ. ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਬੈਨੀਪਾਲ, ਬਾਪੂ ਜੋਗਿੰਦਰ ਸਿੰਘ ਤੇ ਨਾਇਬ ਸਿੰਘ ਹਾਜ਼ਰ ਸਨ।
ਗੁਰਦੁਆਰਾ ਢੱਕੀ ਸਾਹਿਬ ਵਿੱਚ ਪ੍ਰਕਾਸ਼ ਪੁਰਬ ਮਨਾਇਆ
ਪਾਇਲ (ਦੇਵਿੰਦਰ ਸਿੰਘ ਜੱਗੀ): ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿੱਚ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਰੀ ਰਾਤ ਰੈਣ ਸਬਾਈ ਕੀਰਤਨ ਹੋਇਆ ਤੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦੇਸੀ ਘਿਓ ਦੇ ਦੀਵੇ ਜਗਾ ਕੇ ਦੀਪਮਾਲਾ ਵੀ ਕੀਤੀ ਗਈ। ਸਵੇਰੇ ਅਖੰਡ ਪਾਠ ਦੇ ਭੋਗ ਪੈਣ ਮਗਰੋਂ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਗੁਰਮਤਿ ਕੀਰਤਨ ਟਕਸਾਲ ਢੱਕੀ ਸਾਹਿਬ ਦੇ ਬੱਚੇ ਬੱਚੀਆਂ ਤੇ ਜਥੇ ਦੇ ਸਿੰਘਾਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਸੰਤ ਦਰਸ਼ਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸਮੇਂ ਜਦੋਂ ਮੌਕੇ ਦੇ ਹਾਕਮਾਂ ਵੱਲੋਂ ਹਿੰਦੂਆਂ ਦਾ ਜਬਰੀ ਧਰਮ ਪਰੀਵਰਤਨ ਕਰਵਾਇਆ ਜਾ ਰਿਹਾ ਸੀ ਤਾਂ ਨੌਵੇਂ ਪਾਤਸ਼ਾਹ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਕੇ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਤੇ ਉਨ੍ਹਾਂ ਦੇ ਪਰਮ ਪਿਆਰੇ ਸਿੱਖਾਂ ਨੇ ਅਕਹਿ ਤੇ ਅਸਹਿ ਤਸੀਹੇ ਝੱਲਦਿਆਂ ਸ਼ਹੀਦੀਆਂ ਦੇ ਕੇ ਡੁੱਬਦੇ ਜਾਂਦੇ ਹਿੰਦੂ ਧਰਮ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਅੱਜ ਲੋੜ ਸੀ ਸਾਰੇ ਹਿੰਦੂ ਵੀਰਾਂ ਨੂੰ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਅੱਗੇ ਹੋ ਕੇ ਮਨਾਉਂਦੇ। ਉਨ੍ਹਾਂ ਕੀਰਤਨ ਸਮਾਗਮ ਦਾ ਸਿੱਧਾ ਪ੍ਰਸਾਰਣ ਸਰਵਣ ਕਰ ਰਹੀ ਸਾਰੀ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਨਸ਼ਿਆਂ ਦਾ ਤਿਆਗ ਕਰ ਕੇ ਗੁਰੂ ਵਾਲੇ ਬਣ ਕੇ, ਸੇਵਾ ਸਿਮਰਨ ਕਰ ਕੇ ,ਧਰਮ ਦੀ ਕਿਰਤ, ਦੁਖੀਆਂ ਗਰੀਬਾਂ ਮਜ਼ਲੂਮਾਂ ਲੋੜਵੰਦਾਂ ਦੀ ਮਦਦ ਕਰਦੇ ਹੋਏ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰੀਏ।