ਮੁਕੇਸ਼ ਕੁਮਾਰ
ਚੰਡੀਗੜ੍ਹ, 25 ਸਤੰਬਰ
ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਮਹੀਨਾਵਾਰ ਹਾਊਸ ਮੀਟਿੰਗ ਦੌਰਾਨ ਸ਼ਹਿਰ ਵਿੱਚ ਪੇਡ ਪਾਰਕਿੰਗ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਖੂਬ ਹੰਗਾਮਾ ਕੀਤਾ। ਉਨ੍ਹਾਂ ਦੀ ਮੰਗ ਸੀ ਮੀਟਿੰਗ ਵਿੱਚ ਪੇਸ਼ ਕੀਤੇ ਜਾਣ ਵਾਲੇ ਏਜੰਡਿਆਂ ਤੋਂ ਪਹਿਲਾਂ ਸ਼ਹਿਰ ਵਿੱਚ ਪੇਡ ਪਾਰਕਿੰਗ ਦੇ ਮਸਲੇ ’ਤੇ ਚਰਚਾ ਕੀਤੀ ਜਾਵੇ। ਇਸ ਬਾਰੇ ਮੇਅਰ ਰਵੀ ਕਾਂਤ ਵੱਲੋਂ ਕੋਈ ਹੁੰਗਾਰਾ ਨਾ ਮਿਲਣ ’ਤੇ ਕਾਂਗਰਸੀ ਕੌਂਸਲਰ ਭੜਕ ਗਏ ਅਤੇ ਪੇਡ ਪਾਰਕਿੰਗ ਨੂੰ ਇੱਕ ਘੁਟਾਲੇ ਦਾ ਨਾਮ ਦੇ ਦਿੱਤਾ। ਇਸ ਗੱਲ ’ਤੇ ਮੇਅਰ ਨੇ ਵੀ ਕਾਂਗਰਸ ’ਤੇ ਰੇਲ ਗੇਟ ਘੁਟਾਲੇ, ਬੂਥ ਘੁਟਾਲੇ ਦੇ ਦੋਸ਼ ਲਗਾਏ। ਇਸ ਤੋਂ ਰੋਹ ਵਿਚ ਆਏ ਕਾਂਗਰਸੀ ਕੌਂਸਲਰਾਂ ਨੇ ਮੀਟਿੰਗ ਦਾ ਬਾਈਕਾਟ ਕਰਦਿਆਂ ਸਦਨ ’ਚੋਂ ਵਾਕਆਊਟ ਕਰ ਦਿੱਤਾ।
ਮਿਲੀ ਜਾਣਕਾਰੀ ਅੱਜ ਸ਼ਨਿਚਰਵਾਰ ਨੂੰ ਸੱਦੀ ਗਈ ਮੀਟਿੰਗ ਦੇ ਸ਼ੁਰੂ ਹੁੰਦੇ ਹੀ ਕਾਂਗਰਸ ਕੌਂਸਲਰ ਸਤੀਸ਼ ਕੈਂਥ ਨੇ ਮੇਅਰ ਤੋਂ ਪੇਡ ਪਾਰਕਿੰਗ ਮਾਮਲੇ ਵਿੱਚ ਜਵਾਬ ਮੰਗਣਾ ਸ਼ਰੂ ਕਰ ਦਿੱਤਾ ਤਾਂ ਮੇਅਰ ਰਵੀ ਕਾਂਤ ਸ਼ਰਮਾ ਨੇ ਪਹਿਲਾਂ ਪਿਛਲੀ ਮੀਟਿੰਗ ਦੇ ਮਿਨਟਸ ਪਾਸ ਕਰਨ ਲਈ ਕਿਹਾ। ਕਾਂਗਰਸੀ ਕੌਂਸਲਰ ਆਪਣੀਆਂ ਸੀਟਾਂ ਤੋਂ ਉੱਠ ਕੇ ਮੇਅਰ ਦੀ ਕੁਰਸੀ ਸਾਹਮਣੇ ਆ ਗਏ।
ਇਸ ਦੌਰਾਨ ਕੈਂਥ ਨੇ ਕਿਹਾ ਕਿ ਪੇਡ ਪਾਰਕਿੰਗ ਦੇ ਮਾਮਲੇ ਵਿੱਚ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਇਹ ਇੱਕ ਬਹੁਤ ਵੱਡਾ ਘੁਟਾਲਾ ਹੈ। ਉੱਧਰ, ਮੇਅਰ ਰਵੀ ਕਾਂਤ ਸ਼ਰਮਾ ਨੇ ਕਾਂਗਰਸ ਪਾਰਟੀ ’ਤੇ ਕਈ ਘੁਟਾਲਿਆਂ ਦੇ ਦੋਸ਼ ਲਗਾਏ। ਮੇਅਰ ਦੇ ਇਸ ਬਿਆਨ ਤੋਂ ਕਾਂਗਰਸੀ ਕੌਂਸਲਰ ਭੜਕ ਗਏ ਅਤੇ ਮੀਟਿੰਗ ਦਾ ਬਾਈਕਾਟ ਕਰਦਿਆਂ ਸਦਨ ’ਚੋਂ ਵਾਕਆਊਟ ਕਰ ਗਏ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸਬੰਧਤ ਕੁੱਲ 13 ਪ੍ਰਸਤਾਵ ਪਾਸ ਕੀਤੇ ਗਏ। ਮੀਟਿੰਗ ਦੌਰਾਨ ਡੱਡੂ ਮਾਜਰਾ ਸਥਿਤ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਲੈ ਕੇ ਪੇਸ਼ ਕੀਤੀ ਰਿਪੋਰਟ ’ਤੇ ਵੀ ਚਰਚਾ ਕੀਤੀ ਗਈ। ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ‘ਆਜ਼ਾਦੀ ਦਾ ਅੰਮ੍ਰਿਤ ਉਤਸਵ’ ਦੀ ਸ਼ੁਰੂਆਤ ਸੋਮਵਾਰ ਨੂੰ ਹੋਵੇਗੀ। ਛੁੱਟੀ ਵਾਲੇ ਦਿਨ ਮੀਟਿੰਗ ਸੱਦਣ ’ਤੇ ਕਾਂਗਰਸੀ ਕੌਂਸਲਰ ਦਵਿੰਦਰ ਸਿੰਘ ਬਬਲਾ ਨੇ ਇਤਰਾਜ ਦਾਇਰ ਕੀਤਾ।
ਪ੍ਰਸ਼ਾਸਨ ਵੱਲੋਂ ਨਿਗਮ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ ’ਚ 200 ਕਰੋੜ ਦਾ ਵਾਧਾ
ਪ੍ਰਸ਼ਾਸਨ ਨੇ ਨਗਰ ਨਿਗਮ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ ਵਿੱਚ 200 ਕਰੋੜ ਦਾ ਵਾਧਾ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਮੇਅਰ ਰਵੀ ਕਾਂਤ ਸ਼ਰਮਾ ਨੇ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਸਦਨ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਨੂੰ ਸਾਲ 2021-22 ਦੇ ਬਜਟ ਵਿੱਚ ‘ਗਰਾਂਟ ਇਨ ਏਡ’ ਦੀ ਰਾਸ਼ੀ 700 ਕਰੋੜ ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ, ਸਾਲਾਨਾ ਬਜਟ ਵਿੱਚ ਇਹ 445 ਕਰੋੜ ਰੁਪਏ ਸੀ, ਜਿਸ ਨੂੰ ਵਿੱਤ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ’ਤੇ ਬਾਅਦ ਵਿੱਚ 502 ਕਰੋੜ ਰੁਪਏ ਕਰ ਦਿੱਤਾ ਗਿਆ ਸੀ। ਹੁਣ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਸ ਰਾਸ਼ੀ ਨੂੰ ਵਧਾ ਕੇ 700 ਕਰੋੜ ਰੁਪਏ ਕਰ ਦਿੱਤਾ ਹੈ। ਮੇਅਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਦਿੱਤੀ ਜਾਣ ਵਾਲੀ ਇਸ ਵਾਧੂ ਗ੍ਰਾਂਟ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ।