ਦਰਸ਼ਨ ਸਿੰਘ ਸੋਢੀ
ਮੁਹਾਲੀ, 6 ਅਪਰੈਲ
ਪੰਜਾਬ ਸਰਕਾਰ ਵੱਲੋਂ ਕਰੋਨਾ ਤੋਂ ਬਚਾਅ ਲਈ ਚਲਾਈ ਜਾ ਰਹੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਸਮੇਤ ਸਮੂਹ ਜ਼ਿਲ੍ਹਾ ਤੇ ਬਲਾਕ ਪੱਧਰੀ ਦਫ਼ਤਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਅੱਜ ਇੱਥੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਖ਼ੁਦ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਕੇ ਸਿੱਖਿਆ ਭਵਨ ਦੇ ਦਫ਼ਤਰੀ ਸਟਾਫ਼ ਨੂੰ ਕੋਵਿਡ ਟੀਕਾਕਰਨ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁੱਖ ਦਫ਼ਤਰ ਵਿੱਚ ਸਿੱਖਿਆ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਫੀਡਬੈਕ ਸੀ ਕਿ ਉਨ੍ਹਾਂ ਨੂੰ ਬਾਹਰ ਜਾ ਕੇ ਅਤੇ ਲਾਈਨਾਂ ਵਿੱਚ ਲੱਗ ਕੇ ਅਤੇ ਫਿਰ ਰਜਿਸਟਰੇਸ਼ਨ ਕਰਵਾ ਕੇ ਟੀਕਾ ਲਗਾਉਣ ਲਈ ਲਾਭਪਾਤਰੀ ਬਣਨਾ ਪੈਂਦਾ ਹੈ। ਇਸ ਕਾਰਨ ਅੱਜ ਮੁੱਖ ਦਫ਼ਤਰ ਵਿੱਚ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਜਗਤਾਰ ਸਿੰਘ ਕੁਲੜੀਆ ਅਤੇ ਹੋਰਨਾਂ ਅਧਿਕਾਰੀਆਂ ਨੇ ਵੀ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਈ। ਇਸ ਤੋਂ ਇਲਾਵਾ ਸਕੂਲ ਪੱਧਰ ’ਤੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਅਮਨਦੀਪ ਕੌਰ ਅਤੇ ਪਰਵਿੰਦਰ ਕੌਰ ਅਤੇ ਸਾਹਿਲ ਮੌਜੂਦ ਸਨ।