ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਮਾਰੀ ਦੇ ਹਾਲਾਤ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰਾਂ ਨਾਲ ਸਿੱਧੀ ਮੀਟਿੰਗ ਕਰਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਛੇਤੀ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਲੋੜਵੰਦ ਮਰੀਜ਼ਾਂ ਨੂੰ ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪਲਾਜ਼ਮਾ ਬੈਂਕ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਅਤੇ ਸਰਕਾਰ ਸਿਰਫ਼ ਨਾਂ ਦੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਖ਼ੁਦ ਰੋਜ਼ਾਨਾ ਸਭ ਤੋਂ ਵੱਧ ਮਾਰ ਹੇਠ ਆਏ ਜ਼ਿਲ੍ਹਿਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ।