ਗਗਨਦੀਪ ਅਰੋੜਾ
ਲੁਧਿਆਣਾ, 30 ਮਾਰਚ
ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ), ਰੇਲਵੇ, ਪੀ.ਐੱਮ.ਜੀ. ਅਤੇ ਪ੍ਰਗਤੀ ਪ੍ਰਾਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ ਕੀਤੀ ਗਈ।
ਬੱਚਤ ਭਵਨ ਲੁਧਿਆਣਾ ਵਿੱਚ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਖੇਤਰ ਦੇ ‘ਆਪ’ ਵਿਧਾਇਕਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਂ ਕੱਢ ਕੇ ਆਉਣ ਅਤੇ ਉਨ੍ਹਾਂ ਨੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ ’ਤੇ ਮਿਲ ਕੇ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇ। ਵਿਧਾਇਕਾਂ ਨੇ ਆਪਣੇ ਹਲਕੇ ਨਾਲ ਸਬੰਧਤ ਚੱਲ ਰਹੇ ਪ੍ਰਾਜੈਕਟਾਂ ਬਾਰੇ ਸਮੀਖਿਆ ਕੀਤੀ ਅਤੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿਹੜੇ ਵੀ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧੀਨ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ, ਜਿਸ ਨਾਲ ਲੋਕਾਂ ਨੂੰ ਪੇਸ਼ ਆਉਂਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਈ ਜਾ ਸਕੇ। ਇਸ ਸਬੰਧ ਵਿੱਚ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਨੈਸ਼ਨਲ ਹਾਈਵੇਅ ’ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦੇ ਮੁੱਦੇ ਬਾਰੇ ਗੱਲਬਾਤ ਕੀਤੀ ਗਈ ਅਤੇ ਨੈਸ਼ਨਲ ਹਾਈਵੇਅ ’ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਡੀਸੀ ਤੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਾਰੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ’ਤੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਹਲਕਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ, ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੌਜੂਦ ਸਨ। ਇਸ ਦੇ ਨਾਲ ਹੀ ਐੱਸਡੀਐੱਮ ਵਿਕਾਸ ਹੀਰਾ, ਐੱਸ.ਡੀ.ਐੱਮ. ਡਾ. ਵਨੀਤ ਕੁਮਾਰ, ਐੱਸ.ਡੀ.ਐੱਮ. ਜਗਦੀਪ ਸਹਿਗਲ ਸਣੇ ਨੈਸ਼ਨਲ ਹਾਈਵੇਅ, ਰੇਲਵੇ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।