ਗੁਰਨਾਮ ਸਿੰਘ ਅਕੀਦਾ
ਪਟਿਆਲਾ, 16 ਜਨਵਰੀ
ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਨੇ ਕਿਹਾ ਹੈ ਕਿ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਅੱਜ ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਆਪ ਆਗੂਆਂ ਨੂੰ ਸਨਮਾਨਿਤ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਲੋਕਾਂ ਨੂੰ ਗਾਰੰਟੀ ਦੇਣ ਵਾਲਿਆਂ ਨੂੰ ਆਪਣੀ ਕੋਈ ਗਾਰੰਟੀ ਨਹੀਂ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਦੋਨਾਂ ਨੇ ਝੂਠ ਬੋਲਣ ਦਾ ਮੁਕਾਬਲਾ ਸ਼ੁਰੂ ਕੀਤਾ ਹੋਇਆ ਹੈ। ਦੋਨੋਂ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲੱਗੀਆਂ ਹੋਈਆਂ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਸਚਾਈ ਨੂੰ ਜਾਣਦੇ ਹਨ ਕਿ ਕਿਸ ਤਰ੍ਹਾਂ ਕਾਂਗਰਸ ਨੇ ਪੰਜ ਸਾਲਾਂ ਤੱਕ ਪੰਜਾਬ ਨੂੰ ਲੁੱਟਿਆ ਤੇ ਜਦੋਂ ਲੋਕਾਂ ਨੇ ਜਵਾਬ ਮੰਗਣਾ ਸ਼ੁਰੂ ਕੀਤਾ ਤਾਂ ਲੀਡਰਸ਼ਿਪ ਬਦਲ ਕੇ ਡਰਾਮਾ ਰਚ ਦਿੱਤਾ। ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ ਉਨ੍ਹਾਂ ਦਾ ਤਾਂ ਸ਼ੰਭੂ ਟੱਪਦੇ ਹੀ ਸਟੈਂਡ ਬਦਲ ਜਾਂਦਾ ਹੈ। ਇਸ ਲਈ ਇਨ੍ਹਾਂ ’ਤੇ ਕੌਣ ਵਿਸ਼ਵਾਸ ਕਰੇਗਾ। ਜਿਹੜੇ ਲੋਕ ਪੰਜਾਬ ਦੇ ਪਾਣੀਆਂ ’ਤੇ ਦਿੱਲੀ ਅਤੇ ਹਰਿਆਣਾ ਦਾ ਹੱਕ ਦੱਸਦੇ ਹੋਣ ਤੇ ਜਿਹੜੇ ਲੋਕ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨੂੰ ਜ਼ਿੰਮੇਵਾਰ ਦੱਸਦੇ ਹੋਣ ਉਹ ਪੰਜਾਬ ਦੇ ਹਿਤੈਸ਼ੀ ਕਿਸ ਤਰ੍ਹਾਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪਟਿਆਲਾ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਦੋਨਾਂ ਨੇ ਉਮੀਦਵਾਰ ਵੋਟਾਂ ਲੈਣ ਤੋਂ ਬਾਅਦ ਪਟਿਆਲਾ ਵਿੱਚ ਦਿਖਾਈ ਨਹੀਂ ਦਿੱਤੇ।