ਕੁਲਦੀਪ ਸਿੰਘ
ਚੰਡੀਗੜ੍ਹ, 31 ਮਈ
ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡਐਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਨੇ ਅੱਜ ਯੂਟੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਐੱਸਡੀਐੱਮ ਸੈਂਟਰਲ ਤੇਜਦੀਪ ਸਿੰਘ ਸੈਣੀ ਦੇ ਮਾਰਫ਼ਤ ਮੰਗ ਪੱਤਰ ਭੇਜਿਆ।
ਕਮੇਟੀ ਪ੍ਰਧਾਨ ਸਤਿੰਦਰ ਸਿੰਘ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਯੂਟੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਕੋਆਰਡੀਨੇਸ਼ਨ ਕਮੇਟੀ ਮੰਗਾਂ ਦੀ ਪ੍ਰਾਪਤੀ ਲਈ ਲੋਕਤੰਤਰਿਕ ਢੰਗ ਨਾਲ ਲਗਾਤਾਰ ਰੈਲੀਆਂ ਪ੍ਰਦਰਸ਼ਨ ਕਰ ਰਹੀ ਹੈ ਪਰ ਪ੍ਰਸ਼ਾਸਨ ਨੇ ਚੁੱਪ ਵੱਟੀ ਹੋਈ ਹੈ। ਮੁਲਾਜ਼ਮ ਮੰਗਾਂ ਪ੍ਰਤੀ ਪ੍ਰਸ਼ਾਸਨ ਦੀ ਗ਼ੈਰ-ਸੰਜੀਦਗੀ ਚਿੰਤਾ ਦਾ ਵਿਸ਼ਾ ਹੈ। ਪ੍ਰਸ਼ਾਸਨ ਦੇ ਉੱਚ ਅਧਿਕਾਰੀ ਜੋ ਮੰਗਾਂ ’ਤੇ ਫੈਸਲੇ ਲੈਣ ਵਿੱਚ ਸਮਰੱਥ ਹਨ, ਉਹ ਵੀ ਗੱਲਬਾਤ ਕਰਨ ਨੂੰ ਤਿਆਰ ਨਹੀਂ ਹਨ। ਜੇ ਮੁਲਾਜ਼ਮ ਪ੍ਰਸ਼ਾਸਕ ਨੂੰ ਮਿਲਣ ਦੇ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਪੁਲੀਸ ਥਾਣਿਆਂ ਵਿੱਚ ਬੰਦ ਕਰ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਪ੍ਰਸ਼ਾਸਕ ਕੋਲ ਆਪਣੇ ਮੁਲਾਜ਼ਮਾਂ ਨੂੰ ਮਿਲਣ ਦਾ ਸਮਾਂ ਹੀ ਨਹੀਂ ਹੈ, ਉਸ ਤੋਂ ਕੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਕੇਂਦਰੀ ਗ੍ਰਹਿ ਮੰਤਰੀ ਹੀ ਬਾਕੀ ਬਚੇ ਹਨ ਜਿਨ੍ਹਾਂ ਤੋਂ ਕੋਈ ਉਮੀਦ ਕੀਤੀ ਜਾ ਸਕਦੀ ਹੈ।
ਉਨ੍ਹਾਂ ਮੰਗ ਪੱਤਰ ਵਿੱਚ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਮੰਗਾਂ ਬਾਰੇ ਧਿਆਨ ਦਿੰਦੇ ਹੋਏ ਪ੍ਰਸ਼ਾਸਕ ਨੂੰ ‘ਜਗਾਇਆ’ ਜਾਵੇ।
ਪ੍ਰਸ਼ਾਸਕ ਦਾ ਪੁਤਲਾ ਫੂਕਣ ਦਾ ਐਲਾਨ
ਕੋਆਰਡੀਨੇਸ਼ਨ ਕਮੇਟੀ ਨੇ ਕਿਹਾ ਕਿ 20 ਜੂਨ ਤੱਕ ਚੰਡੀਗੜ੍ਹ ਪ੍ਰਸ਼ਾਸਨ ਦੇ ਪੁਤਲਾ ਫੂਕ ਮੁਜ਼ਾਹਰਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। 20 ਜੂਨ ਨੂੰ ਰਾਜ ਭਵਨ ਦੇ ਸਾਹਮਣੇ ਪ੍ਰਸ਼ਾਸਕ ਦਾ ਪੁਤਲਾ ਫੂਕਿਆ ਜਾਵੇਗਾ।