ਪੱਤਰ ਪ੍ਰੇਰਕ
ਅਬੋਹਰ, 31 ਜੁਲਾਈ
ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਕਿ ਸੂਬਾ ਸਰਕਾਰ ਲਈ ਸਮਾਜਿਕ ਭਲਾਈ ਮੁੱਖ ਤਰਜੀਹ ਹੈ। ਉਹ ਅੱਜ ਇੱਥੇ ਡਿਗਨਿਟੀ ਨਿਸ਼ਕਾਮ ਵਿਰਧ ਆਸ਼ਰਮ ਦੇ ਲੋਕ ਸਮਰਪਣ ਮੌਕੇ ਸੰਬੋਧਨ ਕਰ ਰਹੇ ਸਨ। ਆਸ਼ਰਮ ਦੇ ਉਦਘਾਟਨ ਮਗਰੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਸਾਰਥਕ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਸਭ ਨੂੰ ਬਜ਼ੁਰਗਾਂ ਦੀ ਦੇਖਭਾਲ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਖੋਲ੍ਹਣ ਵਿਚ ਸਰਕਾਰ ਵੀ ਮਦਦ ਕਰਦੀ ਹੈ। ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਹੀ ਕੰਮ ਕਰੇਗੀ। ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਮਾਜਿਕ ਸੰਸਥਾਵਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਸਡੀਐੱਮ ਅਕਾਸ਼ ਬਾਂਸਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਆਦਿ ਹਾਜ਼ਰ ਸਨ।