ਜੋਗਿੰਦਰ ਸਿੰਘ ਓਬਰਾਏ
ਖੰਨਾ, 24 ਅਕਤੂਬਰ
ਇਥੋਂ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਮਰੀਜ਼ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੱਗੇ ਧਰਨਾ ਲਾਉਂਦਿਆਂ ਡਾਕਟਰਾਂ ’ਤੇ ਅਣਗਹਿਲੀ ਵਰਤਣ ਦੇ ਦੋਸ਼ ਲਾਏ। ਮ੍ਰਿਤਕ ਬਲਵੀਰ ਸਿੰਘ ਵਾਸੀ ਪਿੰਡ ਗੋਬਿੰਦਪੁਰਾ (ਪਾਇਲ) ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਸਦੇ ਭਰਾ ਨੂੰ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ’ਤੇ ਇਥੋਂ ਦੇ ਆਈਵੀਵਾਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰਦਿਆਂ ਕਿਹਾ ਕਿ ਸਟੰਟ ਪਵੇਗਾ ਅਤੇ ਜਦੋਂ ਡਾਕਟਰ ਸਟੰਟ ਪਾਉਣ ਲੱਗੇ ਦਾ ਅਚਾਨਕ ਤਬੀਅਤ ਵਿਗੜ ਗਈ ਤੇ ਕੁਝ ਸਮੇਂ ਬਾਅਦ ਬਲਵੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਭਰਾ ਦੀ ਮੌਤ ਹੋਈ ਹੈ ਅਤੇ ਹਸਪਤਾਲ ਵੱਲੋਂ 63 ਹਜ਼ਾਰ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਵੱਲੋਂ ਲਾਏ ਧਰਨੇ ਵਿਚ ਲੋਕ ਇਨਸਾਫ਼ ਪਾਰਟੀ ਖੰਨਾ ਦੇ ਪ੍ਰਧਾਨ ਸਰਬਜੀਤ ਸਿੰਘ ਕੰਗ ਸ਼ਾਮਲ ਹੋਏ।
ਮਰੀਜ਼ ਦੀ ਮੌਤ ਅਚਾਨਕ ਹੋਈ: ਡਾ. ਗਗਨਦੀਪ
ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਰੀਜ਼ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਅਤੇ ਵਧੀਆ ਇਲਾਜ ਦਿੱਤਾ ਗਿਆ। ਇਹ ਮੌਤ ਅਚਾਨਕ ਹੋਈ ਹੈ, ਜਿਸ ਦਾ ਉਨ੍ਹਾਂ ਨੂੰ ਅਫ਼ਸੋਸ ਹੈ।