ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਮਈ
ਅੱਜ ਸੰਯੁਕਤ ਕਿਸਾਨ ਮੋਰਚਾ ਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਨੂੰ ‘ਕਿਸਾਨ ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਗਿਆ। ਹਜ਼ਾਰਾਂ ਮਜ਼ਦੂਰਾਂ ਨੇ ਦਿੱਲੀ ਦੇ ਮੋਰਚਿਆਂ ’ਤੇ ਪਹੁੰਚ ਕੇ ਕਿਸਾਨ ਅੰਦੋਲਨ ਤੇ ਮੰਗਾਂ ਦਾ ਸਮਰਥਨ ਕੀਤਾ। ਕੇਂਦਰੀ ਟਰੇਡ ਯੂਨੀਅਨਾਂ ਤੋਂ ਲੈ ਕੇ ਸਥਾਨਕ ਮਜਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੰਚ ਤੋਂ ਸੰਬੋਧਨ ਕੀਤਾ।
ਕੇਂਦਰੀ ਟਰੇਡ ਯੂਨੀਅਨ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਅੱਜ ਸਰਕਾਰੀ ਮਸ਼ੀਨਰੀ ਕਰੋਨਾ ਮਹਾਮਾਰੀ ਵਿੱਚ ਫੈਲੀ ਇਸ ਸਰਕਾਰ ਦੀ ਅਸਫ਼ਲਤਾ ਨੂੰ ਦਰਸਾਉਂਦੀ ਹੈ। ਟੀਕਾਕਰਨ ਤੇ ਹੋਰ ਡਾਕਟਰੀ ਸੇਵਾਵਾਂ ਲਈ ਮਜ਼ਦੂਰਾਂ ਅਤੇ ਗਰੀਬਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਕਿਸਾਨ ਆਗੂ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ ਹਰਿਆਣਾ ਪੰਜਾਬ ਤੇ ਹੋਰ ਰਾਜਾਂ ਦੀਆਂ ਮੁਲਾਜ਼ਮ, ਮਜ਼ਦੂਰ ਤੇ ਸਰਕਾਰੀ ਅਦਾਰਿਆਂ ਦੀਆਂ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਿਰਕਤ ਕੀਤੀ। ਸਿੰਘੂ, ਟਿਕਰੀ ਤੇ ਗਾਜ਼ੀਪੁਰ ਹੱਦ ’ਤੇ ਲੱਗੇ ਮੋਰਚਿਆਂ ਉਪਰ ਲਾਲ ਝੰਡਿਆਂ ਦਾ ਹੜ੍ਹ ਆ ਗਿਆ।
ਕਿਸਾਨ ਆਗੂਆਂ ਭੁਪਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਸਹੋਤਾ ਤੇ ਬਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਤੇ ਸਹਿਯੋਗੀ ਪਾਰਟੀਆਂ ਨੇ ਮਜ਼ਦੂਰਾਂ ਅਤੇ ਕਿਸਾਨਾਂ ਵਿੱਚ ਫੁੱਟ ਪਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਨਾਕਾਮਯਾਬ ਰਹੇ। ਲੇਬਰ ਕੋਡ ਤੇ ਖੇਤੀ ਕਾਨੂੰਨਾਂ ’ਤੇ ਆਗੂਆਂ ਨੇ ਕਿਹਾ ਕਿ ਜ਼ਰੂਰੀ ਵਸਤੂ ਸੋਧ ਐਕਟ ਮਜ਼ਦੂਰਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਅਤੇ ਤਿੱਖਾ ਹਮਲਾ ਹੈ। ਮਜ਼ਦੂਰਾਂ ਦਾ ਭਵਿੱਖ ਨਿੱਜੀ ਖੇਤਰ ਦੇ ਹੱਥਾਂ ਵਿੱਚ ਜਾਵੇਗਾ। ਇਸ ਦੇ ਨਾਲ ਹੀ ਮੰਡੀ ਕਾਨੂੰਨ ਤੇ ਠੇਕਾ ਕਾਨੂੰਨ ਵੀ ਮਜ਼ਦੂਰਾਂ ਦੀ ਸੋਸ਼ਣ ਨੂੰ ਵਧਾਏਗਾ ਅਤੇ ਰੁਜ਼ਗਾਰ ਦੇ ਮੌਕੇ ਘੱਟ ਕਰੇਗਾ।
ਚੰਡੀਗੜ੍ਹ (ਦਵਿੰਦਰ ਪਾਲ): ਪੰਜਾਬ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਸੱਤਾਂ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸੂਬੇ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਮਈ ਦਿਵਸ ਨੂੰ ਸਮਰਪਿਤ ਕਿਸਾਨੀ ਧਰਨਿਆਂ ਦਾ 213ਵਾਂ ਦਿਨ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਗਿਆ। ਧਰਨਿਆਂ ’ਤੇ ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਅਤੇ ਕੇਂਦਰ-ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਲੜਨ ਦਾ ਅਹਿਦ ਲਿਆ। ਆਗੂਆਂ ਨੇ ਦੱਸਿਆ ਕਿ ਅੱਜ ਧਰਨਿਆਂ ਵਿੱਚ ਹਾਜ਼ਰੀ ਭਰਦਿਆਂ ਸਾਹਿਤਕਾਰਾਂ, ਰੰਗਕਰਮੀਆਂ ਅਤੇ ਲੋਕ-ਪੱਖੀ ਸੰਗੀਤ-ਮੰਡਲੀਆਂ ਨੇ ਵੀ ਚੇਤਨਾ ਦਾ ਹੋਕਾ ਦਿੱਤਾ। ਪੰਜਾਬ ਭਰ ਵਿੱਚ ਸਵਾ 100 ਤੋਂ ਵੱਧ ਥਾਵਾਂ- ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, ਅਨਾਜ ਮੰਡੀਆਂ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਾਹਮਣੇ ਜਾਰੀ ਪੱਕੇ ਮੋਰਚਿਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਹੋਰ ਜ਼ਿਲ੍ਹਿਆਂ ’ਚ 6 ਥਾਵਾਂ ’ਤੇ ਕੀਤੇ ਗਏ ਸਮਾਗਮਾਂ ਵਿੱਚ ਕੁੱਲ ਮਿਲਾ ਕੇ ਹਜ਼ਾਰਾਂ ਲੋਕਾਂ ਨੇ ਭਾਗ ਲਿਆ। ਬੁਲਾਰਿਆਂ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਕਿਸਾਨੀ ਤੇ ਜਵਾਨੀ ਨੂੰ ਜ਼ਮੀਨਾਂ ਬਚਾਉਣ ਲਈ ਚੱਲ ਰਹੇ ਇਤਿਹਾਸਕ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਣ ਦਾ ਸੱਦਾ ਦਿੱਤਾ।
ਟਿਕਰੀ ਹੱਦ ’ਤੇ ‘ਅਸੀਂ ਜਿੱਤਾਂਗੇ ਜ਼ਰੂਰ’ ਨਾਟਕ ਖੇਡਿਆ
ਨਵੀਂ ਦਿੱਲੀ: ਟਿਕਰੀ ਹੱਦ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ-ਮਜ਼ਦੂਰਾਂ ਦੇ ਇਸ ਸਾਂਝੇ ਕਿਸਾਨੀ ਸੰਘਰਸ਼ ਵਿੱਚ ਹੱਕਾਂ ਲਈ ਇੱਕਜੁਟ ਹੋਣ ਕੇ ਡਟਣ ਦਾ ਸੱਦਾ ਦਿੱਤਾ। ਇਸ ਮੌਕੇ ਇਕੱਤਰ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ ‘ਅਸੀਂ ਜਿੱਤਾਂਗੇ ਜ਼ਰੂਰ’ ਖੇਡਿਆ ਗਿਆ ਅਤੇ ਮੇਘਰਾਜ ਰੱਲਾ ਦੀ ਨਿਰਦੇਸ਼ਨਾ ਹੇਠ ‘ਖੁਦਕੁਸ਼ੀਆਂ ਦਾ ਰਾਹ ਛੱਡ ਪੈ ਜਾਉ ਰਾਹ ਸੰਘਰਸ਼ਾਂ ਦੇ’ ਕੋਰੀਓਗਰਾਫੀ ਦੀ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ ਅਤੇ ਹੋਰ ਕਿਰਤੀ ਵਰਗ ਦੇ ਲੋਕਾਂ ਨੂੰ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ।