ਸਰਬਜੀਤ ਸਿਘ ਭੰਗੂ
ਪਟਿਆਲਾ, 18 ਦਸੰਬਰ
ਮੰਗਾਂ ਦੀ ਪੂਰਤੀ ਸਬੰਧੀ ਸੂਬੇ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਹੈ। ਤਰਕ ਹੈ ਕਿ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੇ ਫ਼ੈਸਲਿਆਂ ਅਨੁਸਾਰ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕਰਕੇ ਲਾਗੂ ਕਰਨ ਤੋਂ ਇਨਕਾਰੀ ਹੈ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ 29 ਦਸੰਬਰ ਨੂੰ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੇ ਸੂਬਾਈ ਧਰਨਾ ਦੇਣਗੀਆਂ। ਇਸ ਦੌਰਾਨ ਸਰਕਾਰ ਦੇ ਨਾਮ ਮੰਗ ਪੱਤਰ ਦੇਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਵੀ ਕੀਤਾ ਜਾਵੇਗਾ। ਉਂਝ ਇਸ ਤੋਂ ਪਹਿਲਾਂ 21 ਦਸੰਬਰ ਨੂੰ ਪਾਵਰਕੌਮ ਅਤੇ ਟਰਾਂਸਕੋ ਦੇ ਪੰਜਾਬ ਭਰ ਵਿਚਲੇ ਉਪ ਮੰਡਲ ਅਤੇ ਮੰਡਲ ਪੱਧਰ ’ਤੇ ਸਥਿਤ ਸਮੂਹ ਬਿਜਲੀ ਦਫ਼ਤਰਾਂ ਅੱਗੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਸਰਕੁਲਰ ਸਾੜ ਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
ਫੋਰਮ ਵੱਲੋਂ ਲਏ ਗਏ ਇਸ ਫ਼ੈਸਲੇ ਸਬੰਧੀ ਜਾਣਕਾਰੀ ਜੁਆਇੰਟ ਫੋਰਮ ਦੇ ਆਗੂ ਕਰਮਚੰਦ ਭਾਰਦਵਾਜ, ਕੁਲਦੀਪ ਖੰਨਾ, ਜਗਰੂਪ ਮਹਿਮਦਪੁਰ, ਬਲਵਿੰਦਰ ਸੰਧੂ, ਰਾਮਲੁਭਾਇਆ, ਹਰਜੀਤ ਸਿੰਘ, ਬਲਦੇਵ ਮੰਢਾਲੀ, ਹਰਪਾਲ ਸਿੰਘ, ਅਵਤਾਰ ਕੈਂਥ, ਜਗਦੀਪ ਸਹਿਗਲ ਅਤੇ ਜਗਜੀਤ ਕੋਟਲੀ ਨੇ ਦਿੱਤੀ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਵਫ਼ਦ ਨੇ ਅੱਜ ਸੀਏ ਜਤਿੰਦਰ ਗੋਇਲ ਡਾਇਰੈਕਟਰ ਵਿੱਤ ਪਾਵਰਕੌਮ ਪਟਿਆਲਾ ਨੂੰ ਮਿਲ ਕੇ ਮੁਲਾਜ਼ਮਾਂ ਦੇ ਰੋਸ ਤੋਂ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜੂਨੀਅਰ ਇੰਜੀਨੀਅਰ, ਜੁਆਇੰਟ ਐਕਸ਼ਨ ਕਮੇਟੀ ਅਕਾਊਂਟਸ ਅਤੇ ਹੋਰ ਜਥੇਬੰਦੀਆਂ ਨਾਲ ਕੀਤੇ ਸਮਝੌਤੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਤਾਂ ਬਿਜਲੀ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।