ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 15 ਜਨਵਰੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਅਤੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਅੱਜ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ/ਕਸਬਿਆਂ ਦਾ ਦੌਰਾ ਕੀਤਾ। ਇਸ ਦੌਰਾਨ ਕਸਬਾ ਫਤਿਆਬਾਦ ਦੀਆਂ ਔਰਤਾਂ ਨੇ ਪਿੰਡ ਵਿੱਚ ਸ਼ਰੇਆਮ ਵਿਕਦੇ ਨਸ਼ਿਆਂ ’ਤੇ ਸਵਾਲ ਚੁੱਕਦਿਆਂ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਬੇਨਤੀ ਕੀਤੀ। ਪਿੰਡ ਦੀਆਂ ਔਰਤਾਂ ਨੇ ਉਨ੍ਹਾਂ ਨੂੰ ਇਲਾਕੇ ਵਿੱਚ ਸ਼ਰੇਆਮ ਵਿਕਦੇ ਨਸ਼ਿਆਂ ਬਾਰੇ ਦੱਸਿਆ। ਔਰਤਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਨਸ਼ਿਆਂ ਦੇ ਆਦੀ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੋਟਾਂ ਦੌਰਾਨ ਸਿਆਸੀ ਪਾਰਟੀਆਂ ਨੂੰ ਨਸ਼ੇ ਜਾਂ ਪੈਸੇ ਰਾਹੀਂ ਵੋਟਰਾਂ ਨੂੰ ਭਰਮਾਉਣ ਨਹੀਂ ਦੇਣਗੇ। ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ ’ਤੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਕਾਰਵਾਈ ਕਰਨ ਦੇ ਨਾਂ ’ਤੇ ਪੱਲਾ ਝਾੜਦੇ ਦਿਖਾਈ ਦਿੱਤੇ। ਇਸ ਦੌਰਾਨ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ, ਐੱਸਐੱਚਓ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਪ੍ਰਸ਼ਾਸਨ ਵੱਲੋ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਦੇ ਕਰਨ ਲਈ ਕਿਹਾ।