ਪੱਤਰ ਪ੍ਰੇਰਕ
ਬਠਿੰਡਾ, 4 ਅਪਰੈਲ
ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਅਪਰੈਲ ਨੂੰ ਐੱਫਸੀਆਈ ਦਫਤਰਾਂ ਦੇ ਦਿੱਤੇ ਘਿਰਾਓ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਮੌੜ ਮੰਡੀ, ਰਾਮਾਂ ਮੰਡੀ, ਭੁੱਚੋ ਮੰਡੀ ਅਤੇ ਗੋਨਿਆਣਾ ਮੰਡੀ ਵਿੱਚ ਐੱਫਸੀਆਈ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਸਮੂਹ ਕਿਸਾਨ, ਮਜ਼ਦੂਰਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਦੇ ਇਕੱਠਾਂ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅਡਾਨੀ ਅਨਾਜ ਭੰਡਾਰ ਅੱਗੇ 186ਵੇਂ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 161ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂ ਬਲੌਰ ਸਿੰਘ ਘਾਲੀ, ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਲਖਵੀਰ ਸਿੰਘ ਖੋਸਾ ਪਾਂਡੋ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਭੜਕਾਉਣ ਦੇ ਰਾਹ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਜਿੱਥੇ ਪੰਜਾਬ ਦੀ ਕਿਸਾਨੀ ਤੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ, ਉੱਥੇ ਦੇਸ਼ ਦੀ ਅੰਨ ਸੁਰੱਖਿਆ ਵੀ ਖਤਰੇ ਵੀ ਪੈ ਜਾਵੇਗੀ। ਇਸ ਮੌਕੇ ਉਨ੍ਹਾਂ ਭਲਕੇ 5 ਅਪਰੈਲ ਨੂੰ ਐੱਫਸੀਆਈ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਕਿਸਾਨਾਂ ਅਤੇ ਬੀਬੀਆਂ ਨੂੰ ਹੁੰਮ ਹੁਮਾ ਕੇ ਪੁੱਜਣ ਦਾ ਸੱਦਾ ਦਿੱਤਾ।
ਮਾਨਸਾ (ਪੱਤਰ ਪ੍ਰੇਰਕ): ਮਾਲਵਾ ਖੇਤਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ ਐੱਫ.ਸੀ.ਆਈ ਦੇ ਦਫ਼ਤਰਾਂ ਦੇ ਘਿਰਾਓ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨਾਂ ਨੂੰ ਜ਼ਮੀਨਾਂ ਦੀਆਂ ਫ਼ਰਦਾਂ ਪੇਸ਼ ਕਰਨ ਦੇ ਹੁਕਮਾਂ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਦਾ ਬਿਗਲ ਵਜਾਇਆ ਗਿਆ ਹੈ। ਇਸੇ ਦੌਰਾਨ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਇਕਬਾਲ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਵਿੱਢਿਆ ਸੰਘਰਸ਼ ਕਣਕ ਦੀ ਵਾਢੀ ਦੌਰਾਨ ਵੀ ਕਾਇਮ ਰਹੇਗਾ। ਦੂਜੇ ਪਾਸੇ ਇਨਸਾਫ਼ ਦੀ ਆਵਾਜ਼ ਜਥੇਬੰਦੀ ਵੱਲੋਂ ਸੂਬੇਦਾਰ ਮੇਜਰ ਜਗਦੇਵ ਸਿੰਘ ਨੇ ਐੱਫਸੀਆਈ ਦਫ਼ਤਰਾਂ ਦੇ ਪੰਜਾਬ ਭਰ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ।