ਮੁੰਬਈ, 31 ਜੁਲਾਈ
ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਸ਼ਿਵ ਸੈਨਾ ਨੇਤਾ ਅਤੇ ਸੰਸਦ ਮੈਂਬਰ ਸੰਜੇ ਰਾਊਤ ਨੂੰ 9 ਘੰਟਿਆਂ ਦੀ ਪੁੱਛ ਪੜਤਾਲ ਬਾਅਦ ਹਿਰਾਸਤ ਵਿੱਚ ਲੈ ਲਿਆ ਤੇ ਈਡੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਈਡੀ ਨੇ ਕਿਹਾ ਕਿ ਸ਼ਿਵ ਸੈਨਾ ਨੇਤਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਦੇ ਮੁੰਬਈ ਸਥਿਤ ਘਰ ‘ਤੇ ਅੱਜ ਸਵੇਰੇ ਈਡੀ ਨੇ ਛਾਪਾ ਮਾਰਿਆ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਖ਼ਿਲਾਫ਼ ਕਈ ਸੰਮਨ ਜਾਰੀ ਕੀਤੇ ਸਨ। ਉਨ੍ਹਾਂ ਨੂੰ ਵੀ 27 ਜੁਲਾਈ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਰਾਊਤ ਨੂੰ ਈਡੀ ਨੇ ਮੁੰਬਈ ਵਿੱਚ ਇੱਕ ‘ਚਾਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ ‘ਸਾਥੀਆਂ’ ਨਾਲ ਜੁੜੇ ਲੈਣ-ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਤਲਬ ਕੀਤਾ ਸੀ। ਈਡੀ ਦੇ ਅਧਿਕਾਰੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੇ ਨਾਲ ਸਵੇਰੇ 7 ਵਜੇ ਰਾਊਤ ਦੇ ਘਰ ਪਹੁੰਚੇ ਅਤੇ ਤਲਾਸ਼ੀ ਸ਼ੁਰੂ ਕੀਤੀ। ਦੂਜੇ ਪਾਸੇ ਰਾਊਤ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਈਡੀ ਦੀ ਕਾਰਵਾਈ ਤੋਂ ਤੁਰੰਤ ਬਾਅਦ ਟਵੀਟ ਕੀਤਾ, ‘ਮੈਂ ਮਰਹੂਮ ਬਾਲਾ ਸਾਹਿਬ ਠਾਕਰੇ ਦੀ ਸਹੁੰ ਖਾਂਦਾ ਹਾਂ ਕਿ ਮੇਰਾ ਕਿਸੇ ਘਪਲੇ ਨਾਲ ਕੋਈ ਸਬੰਧ ਨਹੀਂ ਹੈ। ਮੈਂ ਮਰ ਜਾਵਾਂਗਾ ਪਰ ਸ਼ਿਵ ਸੈਨਾ ਨਹੀਂ ਛੱਡਾਂਗਾ।’ ਇਸ ਦੌਰਾਨ ਸ਼ਿਵ ਸੈਨਾ ਦੇ ਪ੍ਰਧਾਨ ਊਧਵ ਠਾਕਰੇ ਨੇ ਅੱਜ ਦੋਸ਼ ਲਾਇਆ ਕਿ ਰਾਊਤ ਖ਼ਿਲਾਫ਼ ਏਜੰਸੀ ਦੀ ਕਾਰਵਾਈ ਪਾਰਟੀ ਨੂੰ ਖ਼ਤਮ ਕਰਨ ਦੀ ‘ਸਾਜ਼ਿਸ਼’ ਦਾ ਹਿੱਸਾ ਹੈ।