ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅਮਰੀਕੀ ਸਦਰ ਜੋਅ ਬਾਇਡਨ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੁੱਦੇ ’ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਤਿੰਨੋਂ ਵਿਵਾਦਿਤ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ। ਟਿਕੈਤ ਨੇ ਭਾਰਤੀ-ਅਮਰੀਕੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀਆਂ ਸਰਹੱਦਾਂ ’ਤੇ ਦਸ ਮਹੀਨਿਆਂ ਤੋਂ ਬੈਠੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਅੰਦੋਲਨ ਦੀ ਹਮਾਇਤ ਕਰਦਿਆਂ ਨਿਊ ਯਾਰਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਤੰਬਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਸ੍ਰੀ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ ’ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਟਿਕੈਤ ਨੇ ਰਾਸ਼ਟਰਪਤੀ ਬਾਇਡਨ ਨੂੰ ਟੈਗ ਕੀਤੇ ਟਵੀਟ ਵਿੱਚ ਕਿਹਾ, ‘‘ਅਸੀਂ ਭਾਰਤੀ ਕਿਸਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਬੀਤੇ 11 ਮਹੀਨਿਆਂ ਦੌਰਾਨ 700 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਸਾਨੂੰ ਬਚਾਉਣ ਲਈ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਸੰਵਾਦ ਦੌਰਾਨ ਕਿਰਪਾ ਕਰਕੇ ਸਾਡੇ ਫ਼ਿਕਰਾਂ ’ਤੇ ਵੀ ਧਿਆਨ ਕੇਂਦਰਤ ਕੀਤਾ ਜਾਵੇ।’’ ਬੀਕੇਯੂ ਦੇ ਬੁਲਾਰੇ ਧਰਮਿੰਦਰ ਮਲਿਕ ਮੁਤਾਬਕ ਸ੍ਰੀ ਟਿਕੈਤ ਨੇ ਕਿਹਾ ਕਿ ਬਹੁਦੇਸ਼ੀ ਨਿਗਮਾਂ ਵੱਲੋਂ ਦੁਨੀਆਂ ਭਰ ਵਿੱਚ ਖੇਤੀ ਨੀਤੀਆਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਅਮਰੀਕੀ ਕੰਪਨੀਆਂ ਹਨ। ਉਨ੍ਹਾਂ ਕਿਹਾ ਕਿ ਬਾਇਡਨ-ਮੋਦੀ ਮੁਲਾਕਾਤ ਦੌਰਾਨ ਇਨ੍ਹਾਂ ਪ੍ਰਭਾਵਾਂ ਅਤੇ ਕੁੱਲ ਆਲਮ ਦੇ ਕਿਸਾਨਾਂ ਵਿੱਚ ਪੈਦਾ ਹੋ ਰਹੀ ਨਾਰਾਜ਼ਗੀ ’ਤੇ ਚਰਚਾ ਹੋਵੇ। ਟਿਕੈਤ ਨੇ ਕਿਹਾ ਕਿ ਵਿਸ਼ਵ ਵਪਾਰ ਸੰਗਠਨ, ਮੁਕਤ ਬਾਜ਼ਾਰ ਸਮਝੌਤੇ ਵੀ ਕਿਸਾਨਾਂ ’ਤੇ ਨਾਂਹ-ਪੱਖੀ ਅਸਰ ਪਾ ਰਹੇ ਹਨ, ਜਿਨ੍ਹਾਂ ਬਾਰੇ ਚਰਚਾ ਕਰਨੀ ਬਣਦੀ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਕੌਮਾਂਤਰੀ ਦਬਾਅ ਦਾ ਬਹੁਤ ਵੱਡਾ ਖ਼ਤਰਾ ਹੈ। ਇਸ ਦੌਰਾਨ ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਅਮਰੀਕਾ ਰਹਿੰਦੇ ਭਾਰਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਖੜ੍ਹਦਿਆਂ ਅਮਰੀਕਾ ਫੇਰੀ ’ਤੇ ਆਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ। ਉਨ੍ਹਾਂ ਪਰਵਾਸੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਦੀ ਆਵਾਜ਼ ਬਾਇਡਨ ਪ੍ਰਸ਼ਾਸਨ ਤੱਕ ਪੁੱਜਦੀ ਕਰਨ।
ਕਿਸਾਨ ਅੰਦੋਲਨ ਨੂੰ ਭਾਰਤੀ ਪਰਵਾਸੀਆਂ ਤੋਂ ਮਿਲ ਰਿਹੈ ਆਨਲਾਈਨ ਸਮਰਥਨ
ਨਵੀਂ ਦਿੱਲੀ (ਪੱਤਰ ਪ੍ਰੇਰਕ): ਸੋਸ਼ਲ ਮੀਡੀਆ ’ਤੇ ਕਿਸਾਨਾਂ ਦਾ ਅੰਦੋਲਨ ਨੂੰ ਖਾਸ ਕਰਕੇ ਭਾਰਤੀ ਪਰਵਾਸੀਆਂ ਤੋਂ ਬਹੁਤ ਜ਼ਿਆਦਾ ਆਨਲਾਈਨ ਸਮਰਥਨ ਪ੍ਰਾਪਤ ਹੋ ਰਿਹਾ ਹੈ। ਹੁਣ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ’ਤੇ ਹਨ ਤਾਂ ਇਹ ਸਮਰਥਨ ਹੋਰ ਵੀ ਅਹਿਮ ਹੋ ਜਾਂਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਤੇ ਹੋਰਨਾਂ ਦੇਸ਼ਾਂ ਵਿੱਚ ਪਰਵਾਸੀ ਭਾਰਤੀਆਂ ਵੱਲੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਖ਼ੁਦ ਦੀਆਂ ਰੈਲੀਆਂ ਤੇ ਹੋਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਅਤੇ ਅੱਜ ਅੰਦੋਲਨ ਨਾਲ ਜੁੜੇ ਕਈ ਹੈਸ਼ਟੈਗ ਭਾਰਤ ਵਿੱਚ ਲੰਮੇ ਸਮੇਂ ਤੋਂ ਪ੍ਰਚੱਲਿਤ ਹਨ, ਜਿੱਥੇ ਸਮਰਥਕਾਂ ਦੀ ਕਿਸਾਨ ਅੰਦੋਲਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ 76ਵੇਂ ਸੈਸ਼ਨ ਦੇ ਪ੍ਰਧਾਨ ਤੱਕ ਵੀ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਵੀ ਕਿਸਾਨ ਨੇਤਾਵਾਂ ਨੇ ਸੰਯੁਕਤ ਰਾਸ਼ਟਰ ਰਾਹੀਂ ਇਸ ਤੱਥ ਨੂੰ ਉਜਾਗਰ ਕਰਦੇ ਹੋਏ ਕਿਹਾ ਸੀ ਕਿ ਭਾਰਤ, ਸੰਯੁਕਤ ਰਾਸ਼ਟਰ ਦੁਆਰਾ 2018 ਵਿੱਚ ਅਪਣਾਏ ਗਏ ‘ਦਿਹਾਤੀ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਐਲਾਨਨਾਮੇ’ ਦੇ ਕਈ ਨੇਮਾਂ ਦੀ ਉਲੰਘਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਨਿੱਚਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰ ਸਕਦੇ ਹਨ।