ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਜੁਲਾਈ
ਕਰੋਨਾ ਦੀ ਤੀਜੀ ਲਹਿਰ ਤੋਂ ਬਚਾਅ ਲਈ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਰੋਨਾਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਕਰਵਾਉਣ ਤੋਂ ਬਾਅਦ ਵੀ ਬਿਨਾਂ ਵਜ੍ਹਾ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣ ਕਰਨ।
ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੀੜ ਤੋਂ ਬਚਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਮਾਸਕ ਪਾਉਣ, ਸਮਾਜਕ ਦੂਰੀ ਬਣਾਉਣ ਅਤੇ ਹੱਥਾਂ ਦੀ ਸਫ਼ਾਈ ਦੇ ਨਾਲ ਇਮਿਊਨਿਟੀ ਵਧਾਉਣ ਲਈ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ, ਸੰਭਾਵਿਤ ਤੀਜੀ ਲਹਿਰ ਲੋਕਾਂ ਦੁਆਰਾ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਕਰ ਕੇ ਦਸਤਕ ਦੇ ਸਕਦੀ ਹੈ, ਜੇ ਅਸੀਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹਾਂ ਅਤੇ ਜੀਵਨ ਬਚਾਉਣ ਵਾਲੀ ਵੈਕਸੀਨ ਲੈਂਦੇ ਹਾਂ, ਤਾਂ ਅਸੀਂ ਇਸ ਲਹਿਰ ਨੂੰ ਰੋਕ ਸਕਦੇ ਹਾਂ।
ਲੋਕਾਂ ਨੂੰ ਤੁਰੰਤ ਟੀਕਾਕਰਨ ਕਰਵਾਉਣ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਵੈਕਸੀਨ ਮਹਾਂਮਾਰੀ ਵਿਰੁੱਧ ਲੜਾਈ ਲਈ ਇਕ ਢਾਲ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲੁਧਿਆਣਾ ਜ਼ਿਲ੍ਹੇ ਲਈ 25 ਹਜ਼ਾਰ ਖੁਰਾਕਾਂ ਮੌਜੂਦ ਹਨ ਅਤੇ ਇਸ ਤੋਂ ਇਲਾਵਾ 178 ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਟੀਕਾਕਰਨ ਪਸਾਰ ਲੜੀ ਨੂੰ ਤੋੜਨ ਲਈ ਮਹੱਤਵਪੂਰਨ ਹੈ ਅਤੇ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਲੋਕਾਂ ਦੀ ਜਲਦ ਕਵਰੇਜ਼ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ‘ਚ ਤੇਜ਼ੀ ਲਿਆਂਦੀ ਗਈ ਹੈ।