ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਿਉਂਸਿਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੀਐੱਲਯੂ (ਚੇਂਜ ਆਫ਼ ਲੈਂਡ ਯੂਜ਼) ਅਤੇ ਕਲੋਨੀ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਲਈ ਸਮਰੱਥ ਅਥਾਰਟੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੀਐੱਲਯੂ ਅਤੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਦੇ ਮਾਮਲੇ ਜ਼ਿਲ੍ਹਾ ਪੱਧਰ ’ਤੇ ਹੀ ਨਿਪਟਾਏ ਜਾਣਗੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਗੈਰ-ਕਾਨੂੰਨੀ ਕਾਲੋਨੀ ਦੀ ਉਸਾਰੀ ਨਾ ਹੋਣ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੀਐੱਲਯੂ ਅਤੇ ਬਿਲਡਿੰਗ ਪਲਾਨ ਦੇ ਅਮਲ ਨੂੰ ਸਰਲ ਬਣਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਕਲੋਨੀਆਂ ਵਿੱਚ ਆਪਣੀ ਜ਼ਿੰਦਗੀ ਦੀ ਕਮਾਈ ਖ਼ਰਾਬ ਨਾ ਕਰਨ। ਡਾ. ਨਿੱਜਰ ਨੇ ਕਿਹਾ ਕਿ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਮਿਸ਼ਨਰ ਨਗਰ ਨਿਗਮ ਅਤੇ ਵਧੀਕ ਡਿਪਟੀ ਕਮਿਸ਼ਨਰ ਹਫ਼ਤੇ ਵਿਚ ਇਕ ਦਿਨ, ਤਰਜੀਹੀ ਤੌਰ ’ਤੇ ਵੀਰਵਾਰ ਨੂੰ ਸਵੇਰੇ 11 ਤੋਂ 1 ਵਜੇ ਤੱਕ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਨਗੇ ਅਤੇ ਮਹੀਨੇ ਦੇ ਇਕ ਨਿਰਧਾਰਤ ਦਿਨ ਸਾਰੇ ਅਧਿਕਾਰੀਆਂ ਨਾਲ ਆਪਣੇ ਅਧੀਨ ਖੇਤਰ ਵਿੱਚ ਜਾ ਕੇ ਲੋਕ ਸ਼ਿਕਾਇਤ ਕੈਂਪ ਲਾਉਣਗੇ।