ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਪਰੈਲ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅਤੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਮਿੱਠੂ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਸਰਬਸੰਮਤੀ ਨਾਲ ‘ਪੰਜਾਬ ਮੁਲਾਜ਼ਮ ਫਰੰਟ ਡੈਮੋਕਰੈਟਿਕ’ ਦੇ ਨਾਂ ਹੇਠ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਦਾ ਐਲਾਨ ਕੀਤਾ ਗਿਆ।
ਮੁਲਾਜ਼ਮ ਜਥੇਬੰਦੀ ਦੇ ਗਠਿਨ ਤੋਂ ਬਾਅਦ ਸੰਬੋਧਨ ਕਰਦਿਆਂ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਅਕਾਲੀ ਸਰਕਾਰਾਂ ਵੇਲੇ ਵੀ ਹਰ ਸਥਿਤੀ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਹੀ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਅਤੇ ਮੁਲਾਜ਼ਮਾਂ ਦੇ ਹੱਕ ਵਿਚ ਕਈ ਫੈਸਲੇ ਕਰਵਾਏ ਗਏ।
ਇਸ ਕਰਕੇ ਮੁਲਾਜ਼ਮਾਂ ਨੇ ਸਿਧਾਂਤਾਂ ’ਤੇ ਪਹਿਰਾ ਦੇਣ ਵਾਲੇ ਆਗੂੂਆਂ ਦੀਆਂ ਨੀਤੀਆਂ ਨਾਲ ਡਟ ਕੇ ਖੜ੍ਹਨ ਦਾ ਫੈਸਲਾ ਲਿਆ ਹੈ। ਇਸ ਮੌਕੇ ਪਾਸ ਕੀਤੇ ਮਤਿਆਂ ਰਾਹੀਂ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿੱਚ ਹੋਰ ਦੇਰ ਕਰਨ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ ਤੇ ਪੇ ਕਮਿਸ਼ਨ ਰਿਪੋਰਟ ਤੁਰੰਤ ਲਾਗੂ ਕਰਨ ਤੇ ਲੰਮੇ ਸਮੇਂ ਤੋਂ ਬਕਾਇਆ ਡੀ ਏ ਦਾ ਬਕਾਇਆ ਦੇਣ ਦੀ ਮੰਗ ਵੀ ਕੀਤੀ ਗਈ। ਇੱਕ ਹੋਰ ਮਤੇ ਰਾਹੀਂ ਪੰਜਾਬ ਮੁਲਾਜ਼ਮ ਫਰੰਟ ਡੈਮੋਕਰੈਟਿਕ ਨੇ ਕਿਸਾਨ ਅੰਦੋਲਨ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਅਧਿਆਪਕ ਦਲ ਪੰਜਾਬ ਵੱਲੋਂ ਕੇਵਲ ਸਿੰਘ ਸੇਰੋਂ, ਗੁਰਸਿਮਰਤ ਸਿੰਘ ਜਖੇਪਲ, ਰਾਜਦੀਪ ਸਿੰਘ ਬਰੇਟਾ, ਪੀਆਰਟੀਸੀ ਵੱਲੋਂ ਗੁਰਜੰਟ ਸਿੰਘ ਦੁੱਗਾਂ, ਦਰਸ਼ਨ ਸਿੰਘ ਲਖਮੀਰਵਾਲਾ ਨੇ ਵੀ ਸ਼ਮੂਲੀਅਤ ਕੀਤੀ।