ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਕਤੂਬਰ
ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿੱਚ ਹੋਵੇਗਾ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਸਵਾਗਤੀ ਸ਼ਬਦ ਬੋਲਣਗੇ। ਸਮਾਗਮ ਦੇ ਮੁੱਖ ਮਹਿਮਾਨ ਤੇ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਹੋਣਗੇ। ਸਮਾਗਮ ਵਿੱਚ ਵਿਦਵਾਨ ਸਵਰਨ ਸਿੰਘ ਵਿਰਕ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵੀ ਸ਼ਮੂਲੀਅਤ ਕਰਨਗੇ।