ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਈ ਕੇਹਰ ਸਿੰਘ ਦੇ ਪੁੱਤਰ ਚਰਨਜੀਤ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵਾਰਡ ਨੰਬਰ 38 ਗ੍ਰੇਟਰ ਕੈਲਾਸ਼ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਾਰਡ-38 ਜਾਗੋ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਇਲਾਕਾ ਹੈ। ਇਥੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਚਰਨਜੀਤ ਸਿੰਘ ਨੂੰ ਵਾਰਡ ਨੰਬਰ 38 ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ। ਇਸ ਮੌਕੇ ਕੇਹਰ ਸਿੰਘ ਦੇ ਪੁੱਤਰ ਰਾਜਿੰਦਰ ਸਿੰਘ, ਹਰਦੀਪ ਸਿੰਘ, ਸੁਰਿੰਦਰਪਾਲ ਸਿੰਘ ਤੇ ਸਤਵੰਤ ਸਿੰਘ ਵੀ ਹਾਜ਼ਰ ਸਨ। ਯਾਦ ਰਹੇ ਕਿ ਭਾਈ ਕੇਹਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦਾ ਇੰਦਰਾ ਗਾਂਧੀ ਤੋਂ ਬਦਲਾ ਲਿਆ ਸੀ। ਉਨ੍ਹਾਂ ਦੇ ਨਾਲ ਭਾਈ ਬੇਅੰਤ ਸਿੰਘ ਤੇ ਸਤਵੰਤ ਸਿੰਘ ਵੀ ਸਨ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਚਰਨਜੀਤ ਸਿੰਘ ਨੂੰ ਪਾਰਟੀ ਉਮੀਦਵਾਰ ਬਣਾਉਣ ’ਤੇ ਸ੍ਰੀ ਸਿਰਸਾ, ਸ੍ਰੀ ਕਾਲਕਾ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਚਰਨਜੀਤ ਸਿੰਘ ਨੂੰ ਟਿਕਟ ਦਿੱਤੀ ਹੈ, ਇਸ ਲਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਚਰਨਜੀਤ ਅਕਾਲੀ ਦਲ ਲਈ ਡਟ ਕੇ ਲੜੇਗਾ।
ਇਸ ਮੌਕੇ ਸ੍ਰੀ ਸਿਰਸਾ ਨੇ ਕਿਹਾ, ‘ਅੱਜ ਵੀ 37 ਸਾਲ ਬਾਅਦ ਅਸੀਂ ਨਾ ਉਹ ਦਿਨ ਭੁੱਲੇ ਹਾਂ ਤੇ ਨਾ ਹੀ ਭੁੱਲ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਪਰਿਵਾਰਾਂ ਨਾਲ ਖੜ੍ਹਾ ਹੁੰਦਾ ਆਇਆ ਹੈ ਤੇ ਹਮੇਸ਼ਾ ਖੜ੍ਹਾ ਰਹੇਗਾ। ’