ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਕਤੂਬਰ
ਇੱਥੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਖਾੜਕੂ ਸਿੰਘ ਭਾਈ ਮਹਿੰਗਾ ਸਿੰਘ ਬੱਬਰ ਅਤੇ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਦੀ ਤਸਵੀਰ ਪੰਥਕ ਰਵਾਇਤਾਂ ਨਾਲ ਸਥਾਪਤ ਕੀਤੀ ਗਈ ਹੈ। ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਭਾਈ ਮਹਿੰਗਾ ਸਿੰਘ ਬੱਬਰ, ਖਾੜਕੂ ਜਥੇਬੰਦੀ ਬੱਬਰ ਖਾਲਸਾ ਨਾਲ ਸਬੰਧਤ ਸੀ ਅਤੇ ਜੂਨ 1984 ਨੂੰ ਫੌਜੀ ਹਮਲੇ ਤੋਂ ਪਹਿਲਾਂ ਮਾਰੇ ਗਏ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਵੇਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸੰਤ ਹਰਚੰਦ ਸਿੰਘ ਲੌਂਗੋਵਾਲ ਤੇ ਹੋਰ ਉਸ ਵੇਲੇ ਦੇ ਅਹਿਮ ਆਗੂ ਸ਼ਾਮਲ ਹੋਏ ਸਨ। ਲੌਂਗੋਵਾਲ ਨੇ ਆਖਿਆ ਕਿ ਜੂਨ 1984 ਵਿੱਚ ਹੋਏ ਫੌਜੀ ਹਮਲੇ ਨੂੰ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ। ਇਸ ਹਮਲੇ ਦੌਰਾਨ ਭਾਈ ਮਹਿੰਗਾ ਸਿੰਘ ਬੱਬਰ ਅਤੇ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਸ਼ਹੀਦ ਹੋਏ ਸਨ। ਉਨ੍ਹਾਂ ਦੱਸਿਆ ਕਿ ਭਾਈ ਮਹਿੰਗਾ ਸਿੰਘ ਇਸ ਹਮਲੇ ਦੇ ਸਭ ਤੋਂ ਪਹਿਲੇ ਸ਼ਹੀਦ ਸਨ। ਉਨ੍ਹਾਂ ਦਾ ਸਸਕਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਹੀ ਕੀਤਾ ਗਿਆ ਸੀ ਅਤੇ ਉਹ ਖੁਦ ਵੀ ਉਸ ਮੌਕੇ ਸ਼ਾਮਲ ਸਨ। ਇਸ ਮੌਕੇ ਭਾਈ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਕੋਲੋਂ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵੀ ਕੀਤੀ। ਦੂਜੇ ਪਾਸੇ ਅਖੰਡ ਕੀਰਤਨੀ ਜਥੇ ਨੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਭਾਈ ਮਹਿੰਗਾ ਸਿੰਘ ਬੱਬਰ ਦੀ ਤਸਵੀਰ ਲਾਉਣ ਦੀ ਸ਼ਲਾਘਾ ਕੀਤੀ ਹੈ।