ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਨਵੰਬਰ
ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਗੁਜਰਾਤ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੇਂਦਰ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਨੂੰ ਅੱਗੇ ਲਿਆ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ ਹੈ। ਅੱਜ ਤੱਕ ਦੇ ਅੰਕੜਿਆਂ ਅਨੁਸਾਰ ਹਰਿਆਣਾ ਦੇ ਕਈ ਸ਼ਹਿਰ ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਹਿਲੇ ਦਸ ਸ਼ਹਿਰਾਂ ਵਿਚ ਸ਼ਾਮਲ ਹਨ, ਜਿਨ੍ਹਾਂ ਵਿਚ ਹਿਸਾਰ, ਫਰੀਦਾਬਾਦ, ਸਿਰਸਾ, ਰੋਹਤਕ, ਸੋਨੀਪਤ ਅਤੇ ਭਿਵਾਨੀ ਆਦਿ ਸ਼ਾਮਿਲ ਹਨ, ਜਦਕਿ ਪੰਜਾਬ ਦਾ ਕੋਈ ਵੀ ਸ਼ਹਿਰ ਇਸ ਸੂਚੀ ਦੇ ਪਹਿਲੇ ਦਸਾਂ ਵਿਚ ਸ਼ਾਮਿਲ ਨਹੀਂ ਜਿਸ ਤੋਂ ਸਾਫ ਹੈ ਕਿ ਪੰਜਾਬ ਨਾਲੋਂ ਹਰਿਆਣਾ ਵਿਚ ਪਰਾਲੀ ਨੂੰ ਅੱਗ ਜ਼ਿਆਦਾ ਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਦੇ ਮੁੱਦੇ ‘ਤੇ ਦਿੱਲੀ ਦਾ ਲੈਫਟੀਨੈਂਟ ਗਵਰਨਰ ਵੀ ਭਾਜਪਾ ਦੇ ਇਸ਼ਾਰੇ ‘ਤੇ ਰਾਜਨੀਤੀ ਕਰ ਰਿਹਾ ਹੈ ਅਤੇ ਬਿਨਾਂ ਕਿਸੇ ਅਧਿਕਾਰ ਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ‘ਤੇ ਚਿੱਠੀਆਂ ਲਿਖ ਰਿਹਾ ਹੈ। ਦੋਵਾਂ ਵਜ਼ੀਰਾਂ ਨੇ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਉੱਤਰ ਭਾਰਤ ਦੇ ਕਈ ਸੂਬਿਆਂ ਦਾ ਸਾਂਝਾ ਮੁੱਦਾ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ਵਿਚ ਪੰਜਾਬ ਦਾ ਸਾਥ ਦੇਣ ਦੀ ਬਜਾਏ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 42,342 ਪਰਾਲੀ ਸਾਂਭਣ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਪ੍ਰਵਾਨਗੀ ਕਿਸਾਨਾਂ ਨੂੰ ਜਾਰੀ ਕੀਤੀ ਹੈ।
ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਮਦਦ ਨਾ ਕਰਨ ਦੇ ਬਾਵਜੂਦ ਕੇਂਦਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਨੂੰ ਦਿੱਤੇ ਟੀਚੇ ਨੂੂੰ ਆਪਣੇ ਪੱਧਰ ‘ਤੇ 100 ਫੀਸਦੀ ਪੂਰਾ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ ਇਕ ਦੋ ਸਾਲਾਂ ਵਿਚ ਪਰਾਲੀ ਦੀ ਸਮੱਸਿਆ ‘ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਜਾਵੇਗਾ।
ਪੰਜਾਬ ਨੂੰ ਪਰਾਲੀ ਨਾ ਸਾੜਨ ਵਿੱਚ ਮੋਹਰੀ ਬਣਨ ਦੀ ਲੋੜ: ਸੰਧਵਾਂ
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਵਾਲਿਆਂ ਵਿੱਚ ਪੰਜਾਬ ਨੂੰ ਮੋਹਰੀ ਬਣਨ ਦੀ ਲੋੜ ਹੈ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਚ ਕਰਵਾਏ ਸਮਾਗਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਇਕੱਲੇ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਮਹਿੰਗੀ ਮਸ਼ੀਨਰੀ ਅਤੇ ਖ਼ਰਚਾ ਵੱਧ ਹੋਣ ਦੀਆਂ ਅਫ਼ਵਾਹਾਂ ਨੂੰ ਦਰਕਿਨਾਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਹੁਣ ਤੱਕ ਕਿਸੇ ਕਿਸਾਨ ਨੇ ਅਜਿਹੀ ਸ਼ਿਕਾਇਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੀਡੀਆ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸਪੀਕਰ ਨੇ ਕਿਹਾ ਕਿ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਵਧੀਆ ਮਾਹੌਲ ਸਿਰਜ ਰਹੀ ਹੈ ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅਤੇ ਬੀਬੀ ਜਗੀਰ ਕੌਰ ਵੱਲੋਂ ਬਾਗੀ ਹੋ ਕੇ ਚੋਣ ਲੜਨ ਬਾਰੇ ਪੁੱਛੇ ਜਾਣ ‘ਤੇ ਸਪੀਕਰ ਨੇ ਕਿਹਾ ਕਿ ਇਸ ਦਾ ਜਵਾਬ ਬੀਬੀ ਜਗੀਰ ਕੌਰ ਹੀ ਦੇ ਸਕਦੇ ਹਨ। ਉਂਜ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਜੇਕਰ ਗੁਰਦੁਆਰਿਆਂ ਦਾ ਪ੍ਰਬੰਧ ਸੇਵਾ ਬਿਰਤੀ ਵਾਲੇ ਸਿੱਖਾਂ ਦੇ ਹੱਥਾਂ ਵਿੱਚ ਹੋਵੇ ਤਾਂ ਪੰਜਾਬ ਦੀ ਤਸਵੀਰ ਬਦਲ ਜਾਵੇਗੀ। ਇਸ ਉਪਰੰਤ ਸਪੀਕਰ ਨੇ ਨਵੀਆਂ ਖੋਜਾਂ ਕਰਨ ਵਾਲੇ ਵਿਦਿਆਰਥੀਆਂ ਦੇ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਜੋਰਡਨ ਸੰਧੂ ਨੇ ਕਈ ਗੀਤ ਗਾਏ।