ਬਹਾਦਰਜੀਤ ਸਿੰਘ
ਰੂਪਨਗਰ, 6 ਜੁਲਾਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰੂਪਨਗਰ ਵੱਲੋਂ ਬਲਾਕ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਗਿਆਨੀ ਜ਼ੈਲ ਸਿੰਘ ਸਥਿਤ ਕੋਠੀ ਨੇੜੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੂਨ ਨਾਲ ਲਿਖਿਆ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਗਿਆ। ਆਂਗਣਗਵਾੜੀ ਵਰਕਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਖੁਦ ਆ ਕੇ ਮੰਗ ਪੱਤਰ ਲੈਣ ਲਈ ਅੜੀਆਂ ਰਹੀਆਂ, ਜਿਸ ਤੋਂ ਬਾਅਦ ਪੁਲੀਸ ਵੱਲੋਂ 5 ਆਂਗਣਵਾੜੀ ਵਰਕਰਾਂ ਨੂੰ ਰਾਣਾ ਕੇਪੀ ਸਿੰਘ ਦੀ ਰਿਹਾਇਸ਼ ਵਿਚ ਭੇਜ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੰਗ ਕੀਤੀ ਗਈ ਕਿ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚੇ, ਜੋ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ, ਨੂੰ ਵਾਪਸ ਆਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਵੇ, ਨਰਸਰੀ ਟੀਚਰ ਦਾ ਦਰਜਾ ਦੇਣ, ਹੈਲਪਰਾਂ ਨੂੰ ਹਰਿਆਣਾ ਦੀ ਤਰਜ ’ਤੇ ਮਾਣ ਭੱਤਾ ਦੇਣ, ਐੱਨਜੀਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਉਣ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਣ, ਉਤਸ਼ਾਹਵਧਾਊ ਰਾਸ਼ੀ ਦੇਣ, ਸਰਕਲ ਮੀਟਿੰਗ ਦਾ ਕਿਰਾਇਆ ਦੇਣ, 2015 ਵਿਚ ਗਲਤ ਸਰਟੀਫਿਕੇਟ ਪੇਸ਼ ਕਰਕੇ ਲੱਗੀਆਂ ਸੁਪਰਵਾਈਜ਼ਰਾਂ ਨੂੰ ਫਾਰਗ ਕਰਕੇ ਪਰਚਾ ਦਰਜ ਕਰਨ ਆਦਿ ਦੀ ਮੰਗ ਕੀਤੀ ਗਈ। ਇਸ ਮੌਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਰੀਮਾ ਰਾਣੀ, ਹਰਪਾਲ ਕੌਰ, ਮਲਕੀਤ ਕੌਰ, ਸੰਤੋਸ਼ ਕੁਮਾਰੀ, ਸੁਰਿੰਦਰ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਸੁਸ਼ੀਲ ਸ਼ਰਮਾ, ਕਰਨ ਸ਼ਰਮਾ, ਰਾਜ ਰਾਣੀ, ਗੁਰਜੀਤ ਕੌਰ, ਕਮਲਜੀਤ ਕੌਰ, ਕਿਰਤੀ ਕਿਸਾਨ ਮੋਰਚਾ ਦੇ ਆਗੂ ਕੁਲਵੰਤ ਸਿੰਘ ਸੈਣੀ, ਜਗਮਨਦੀਪ ਸਿੰਘ ਪੜੀ, ਜਰਨੈਲ ਸਿੰਘ ਅਕਬਰਪੁਰ ਮੌਜੂਦ ਸਨ।