ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਟਵਿੱਟਰ ਭਾਰਤ ਦੇ ਨਵੇਂ ਆਈਟੀ ਨੇਮਾਂ ਮੁਤਾਬਕ ਚੱਲਣ ਵਿਚ ਅਸਫ਼ਲ ਰਿਹਾ ਹੈ। ਸਰਕਾਰ ਨੇ ਕਿਹਾ ਕਿ ਨਿਯਮ ਦੇਸ਼ ਦੇ ਕਾਨੂੰਨਾਂ ਮੁਤਾਬਕ ਹਨ ਤੇ ਪਾਲਣਾ ਕਰਨੀ ਜ਼ਰੂਰੀ ਹੈ। ਕੇਂਦਰ ਸਰਕਾਰ ਨੇ ਅਦਾਲਤ ਵਿਚ ਇਕ ਹਲਫ਼ਨਾਮਾ ਦਾਇਰ ਕਰ ਕੇ ਕਿਹਾ ਹੈ ਕਿ ਪਾਲਣਾ ਨਾ ਕਰ ਕੇ ਆਈਟੀ ਨੇਮ ਤੋੜੇ ਗਏ ਹਨ। ਇਸ ਨਾਲ ਸੋਸ਼ਲ ਮੀਡੀਆ ਕੰਪਨੀ ਨੂੰ ਕਾਨੂੰਨੀ ਕਾਰਵਾਈ ਤੋਂ ਮਿਲੀ ਛੋਟ ਖ਼ਤਮ ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਵਕੀਲ ਅਮਿਤ ਅਚਾਰੀਆ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ ਤੇ ਦਾਅਵਾ ਕੀਤਾ ਸੀ ਕਿ ਟਵਿੱਟਰ ਨੇ ਨਵੇਂ ਨੇਮਾਂ ਦੀ ਪਾਲਣਾ ਨਹੀਂ ਕੀਤੀ। ਇਸ ਪਟੀਸ਼ਨ ਉਤੇ ਸੁਣਵਾਈ ਭਲਕੇ ਹੋਣ ਦੀ ਸੰਭਾਵਨਾ ਹੈ। -ਪੀਟੀਆਈ