ਖੰਨਾ: ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਅੱਜ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਦਰਸ਼ਨ ਸਿੰਘ ਭਾਂਦਲਾ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮੂਹ ਨੰਬਰਦਾਰਾਂ ਨੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਬੰਧਤ ਮੰਤਰੀ ਦੇ ਧਿਆਨ ਵਿਚ ਨੰਬਰਦਾਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਿਆਂਦਾ, ਜਿਨ੍ਹਾਂ ਨੇ ਨੰਬਰਦਾਰਾਂ ਦਾ ਮਾਣ ਭੱਤਾ 3 ਹਜ਼ਾਰ ਰੁਪਏ ਕਰਨ ਦਾ ਨੋਟੀਫ਼ਿਕੇਸ਼ਨ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭੁਪਿੰਦਰ ਸਿੰਘ ਅਤੇ ਗੁਰਨਾਮ ਸਿੰਘ ਨੇ ਤਹਿਸੀਲਦਾਰ ਹਰਮਿੰਦਰ ਸਿੰਘ ਹੁੰਦਲ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਨੂੰ ਕੰਪਲੈਕਸ ਵਿਚ ਕਮਰਾ ਅਲਾਟ ਕੀਤਾ ਜਾਵੇ ਤਾਂ ਜੋ ਉਹ ਸਰਕਾਰੀ ਕੰਮਾਂ ਲਈ ਕਚਹਿਰੀ ਵਿਚ ਹੁੰਦੀ ਖੱਜਲ ਖੁਆਰੀ ਤੋਂ ਬਚ ਸਕਣ। ਇਸ ਮੌਕੇ ਰਘਬੀਰ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਕੌਰ, ਜਸਵੀਰ ਕੌਰ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ ਤੇ ਮਹਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ