ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਗਸਤ
ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ 4 ਧਾਰਮਿਕ ਸ਼ਖਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸ਼ਾਮਲ ਹਨ।
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਭਾਈ। ਇਸ ਤੋਂ ਪਹਿਲਾਂ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ ਅਤੇ ਇਥੇ ਤਸਵੀਰ ਦਾ ਸੁਸ਼ੋਭਿਤ ਹੋਣਾ ਵੱਡਾ ਸਨਮਾਨ ਮਿਲਣਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਨੇ ਕੌਮ, ਦੇਸ਼ ਅਤੇ ਸਮਾਜ ਲਈ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਨੇ 43 ਸਾਲ ਪੰਥ ਦੀ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਜਸਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ ਹਾਜ਼ਰ ਸਨ।