ਨਵੀਂ ਦਿੱਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 6 ਮਾਰਚ ਨੂੰ ਕੇਐੱਮਪੀ ਮਾਰਗ ਜਾਮ ਕੀਤੇ ਜਾਣ ਸਮੇਂ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਵੱਲੋਂ ਸਿੰਘੂ ਬਾਰਡਰ ’ਤੇ ਬਣਾਏ ਦਫਤਰ ’ਚ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਲਿਆ ਗਿਆ। ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕੇ ਕਿਸਾਨ ਤਿੰਨ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹਨ ਅਤੇ ਖੇਤੀ ਵਿਰੋਧੀ ਕਾਲੇ ਕਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਕਿਸਾਨ ਅੰਦੋਲਨ ਨੂੰ ਵੰਡਣ, ਭੰਡਣ, ਤੋੜਨ ਅਤੇ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਇਸ ਖ਼ਿਲਾਫ਼ ਆਮ ਲੋਕਾਂ ਵਿੱਚ ਗੁੱਸੇ ਦੀ ਲਹਿਰ ਹੈ। 6 ਮਾਰਚ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਕੇਐੱਮਪੀ ਦੇ ਐਕਸਪ੍ਰੈੱਸਵੇਅ ਨੂੰ ਛੇ ਘੰਟੇ ਲਈ ਜਾਮ ਕਰਨਗੇ ਤੇ ਮੋਦੀ ਸਰਕਾਰ ਨੂੰ ਹੱਕ ਸੱਚ ਦੀ ਆਵਾਜ਼ ਸੁਣਨ ਲਈ ਮਜਬੂਰ ਕਰਨਗੇ। ਇਸ ਮੌਕੇ ਸੂਬਾਈ ਖਜ਼ਾਨਚੀ ਜਸਵਿੰਦਰ ਸਿੰਘ ਢੇਸੀ, ਹਰਦੀਪ ਸਿੰਘ ਰਸੂਲਪੁਰ, ਮਨੋਹਰ ਸਿੰਘ ਗਿੱਲ, ਨਿਰਮਲ ਸਿੰਘ ਆਧੀ, ਸਰਜੀਤ ਸਿੰਘ ਹਾਜ਼ਰ ਸਨ।