ਚਰਨਜੀਤ ਭੁੱਲਰ
ਚੰਡੀਗੜ੍ਹ, 1 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰ ਸਰਕਾਰ ਦੇ ਜਿਣਸਾਂ ਦੀ ਸਿੱਧੀ ਅਦਾਇਗੀ ਦੇ ਫੁਰਮਾਨ ਨੂੰ ਦਰਕਿਨਾਰ ਕਰਦਿਆਂ ਪੰਜਾਬ ਦੇ ਆੜ੍ਹਤੀਆਂ ਦੀ ਪਿੱਠ ’ਤੇ ਡੱਟ ਗਏ ਹਨ। ਮੁੱਖ ਮੰਤਰੀ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀਆਂ ਪ੍ਰਤੀ ਅੱਜ ਸਖਤ ਤੇਵਰ ਦਿਖਾਏ ਗਏ ਅਤੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਬਾਰੇ ਪੁੱਛ ਪੜਤਾਲ ਕੀਤੀ। ਮੁੱਖ ਮੰਤਰੀ ਨੇ ਅੱਜ ਮੀਟਿੰਗ ’ਚ ਆੜ੍ਹਤੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਆੜ੍ਹਤੀਆਂ ਨਾਲ ਖੜ੍ਹੇਗੀ। ਮੁੱਖ ਮੰਤਰੀ ਦੇ ਭਰੋਸੇ ਮਗਰੋਂ ਆੜ੍ਹਤੀਆਂ ਨੇ ਅਗਲਾ ਪ੍ਰੋਗਰਾਮ ਪੰਜ ਅਪਰੈਲ ਮਗਰੋਂ ਐਲਾਨਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦੀ ਸਥਾਪਤ ਪ੍ਰਣਾਲੀ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਖ਼ਿਲਾਫ਼ ਲੜਾਈ ਲੜੇਗੀ। ਕੈਪਟਨ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਬਣੇ ਰਹਿਣਗੇ।
ਅੱਜ ਇੱਥੇ ਸਿਵਲ ਸਕੱਤਰੇਤ ਵਿਚ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਖੁਰਾਕ ਤੇ ਸਪਲਾਈ ਵਿਭਾਗ, ਖੇਤੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਹੋਰ ਸੀਨੀਅਰ ਅਹੁਦੇਦਾਰ ਸ਼ਾਮਿਲ ਸਨ। ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਬੁਲਾਏ ਹੋਏ ਸਨ। ਮੁੱਖ ਮੰਤਰੀ ਨੇ ਕੋਵਿਡ ਦਾ ਹਵਾਲਾ ਦਿੰਦਿਆਂ ਆੜ੍ਹਤੀਆ ਨਾਲ ਵਰਚੁਅਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਆੜ੍ਹਤੀਆਂ ਦੇ ਸੂਬਾ ਸਰਕਾਰ ਵੱਲ ਬਕਾਇਆ 131 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਮੀਟਿੰਗ ਵਿਚ ਦੱਸਿਆ ਕਿ ਉਨ੍ਹਾਂ ਨੇ ਡੀਬੀਟੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ ਜੋ ਸ਼ਾਇਦ ਵੱਖ ਵੱਖ ਸੂਬਿਆਂ ਵਿਚ ਚੋਣ ਮੁਹਿੰਮਾਂ ’ਚ ਰੁੱਝੇ ਹੋਏ ਹਨ। ਉਹ ਪ੍ਰਧਾਨ ਮੰਤਰੀ ਤੋਂ ਸਮਾਂ ਮਿਲਣ ਲਈ ਬਹੁਤਾ ਆਸਵੰਦ ਨਹੀਂ ਹਨ ਪਰ ਪੰਜਾਬ ਸਰਕਾਰ ਕੇਂਦਰ ਨੂੰ ਪੱਤਰ ਲਿਖਣੇ ਅਤੇ ਉਨ੍ਹਾਂ ਦੇ ਦਰਵਾਜ਼ੇ ਖੜਕਾਉਣਾ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਦੱਸਿਆ ਕਿ ਉਨ੍ਹਾਂ ਨੇ 19 ਮਾਰਚ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਨਿੱਜੀ ਤੌਰ ਉਤੇ ਗੱਲਬਾਤ ਕੀਤੀ ਸੀ ਅਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਇਸ ਮਸਲੇ ਉਤੇ ਮਦਦ ਦਾ ਭਰੋਸਾ ਦਿੱਤਾ ਸੀ। ਮੀਟਿੰਗ ਦੌਰਾਨ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਨੇ ਹਰਿਆਣਾ ਸਰਕਾਰ ’ਤੇ ਦੋਸ਼ ਲਾਇਆ ਕਿ ਉਨ੍ਹਾਂ ਕੇਂਦਰ ਸਰਕਾਰ ਦੀ ਡੀਬੀਟੀ ਦੀ ਤਜਵੀਜ਼ ਪ੍ਰਵਾਨ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕੋ ਸਿੱਕੇ ਦੇ ਦੋ ਪਾਸੇ ਦੱਸਿਆ।
ਪਿਊਸ਼ ਗੋਇਲ ਤੋਂ ਪੰਜਾਬ ਸਰਕਾਰ ਖ਼ਫ਼ਾ
ਪੰਜਾਬ ਸਰਕਾਰ ਨੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਤੋਂ ਮੁੱਖ ਮੋੜ ਲਿਆ ਹੈ। ਸੂਤਰ ਆਖਦੇ ਹਨ ਕਿ ਰਾਜ ਸਰਕਾਰ ਸਮਝਦੀ ਹੈ ਕਿ ਕੇਂਦਰੀ ਖੁਰਾਕ ਮੰਤਰੀ ਕਿਸਾਨਾਂ ਦੇ ਅੰਦੋਲਨ ਕਰਕੇ ਪੰਜਾਬ ਪ੍ਰਤੀ ਨਾਂਹ-ਪੱਖੀ ਰਵੱਈਆ ਅਪਣਾ ਰਹੇ ਹਨ ਜਿਸ ਕਰਕੇ ਕੇਂਦਰੀ ਖੁਰਾਕ ਮੰਤਰੀ ਨੂੰ ਮਿਲਣ ਜਾਂ ਪੱਤਰ ਲਿਖਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਵੀ ਹੁਣ ਤੱਕ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਤੋਂ ਹੀ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਸਮਾਂ ਮੰਗਿਆ ਹੈ ਜਦਕਿ ਕੇਂਦਰੀ ਖੁਰਾਕ ਮੰਤਰੀ ਤੋਂ ਪਾਸਾ ਵੱਟਿਆ ਹੈ। ਮੁੱਖ ਮੰਤਰੀ ਇਸ ਗੱਲੋਂ ਖਫਾ ਹਨ ਕਿ ਕੇਂਦਰੀ ਖੁਰਾਕ ਮੰਤਰੀ ਪਹਿਲਾਂ ਪੰਜਾਬ ਸਰਕਾਰ ਨੂੰ ਪੱਤਰ ਲਿਖਦੇ ਹਨ ਅਤੇ ਮਗਰੋਂ ਪੱਤਰ ਜਨਤਕ ਕਰ ਦਿੰਦੇ ਹਨ।